ਮੁੱਖ ਮੰਤਰੀ ਵਲੋਂ ਵਿਦਿਅਕ ਸੰਸਥਾਵਾਂ ਨੂੰ ਨਸ਼ਿਆਂ ਵਿਰੁਧ ਜੰਗ 'ਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਨਸ਼ਿਆਂ ਵਿਰੁਧ ਕਰਵਾਈ 'ਵਿਸ਼ਵ ਦੀ ਵੱਡੀ' ਮੁਹਿੰਮ ਦੀ ਸ਼ੁਰੂਆਤ ਕਰਦਿਆਂ...........

Amarinder Singh And Others

ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਨਸ਼ਿਆਂ ਵਿਰੁਧ ਕਰਵਾਈ 'ਵਿਸ਼ਵ ਦੀ ਵੱਡੀ' ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ।  ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ 'ਚ ਅਹਿਦ ਲਿਆ ਗਿਆ

ਕਿ ਉਹ ਆਪੋ ਅਪਣੇ ਅਦਾਰਿਆਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਨਤੀਜਿਆਂ ਤੋਂ ਜਾਣੂੰ ਕਰਵਾਉਣਗੇ। 
ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਦੇ ਭਾਰੀ ਗਿਣਤੀ ਸਟਾਫ਼ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁਧ ਜੰਗ ਨੂੰ ਸੁਚੱਜੇ ਢੰਗ ਨਾਲ ਲਾਗੂ ਕਰ ਕੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਨਾਲ ਨਸ਼ੇ ਘੱਟ ਹੋਏ ਹਨ ਅਤੇ ਨਸ਼ਿਆਂ ਨਾਲ ਮੌਤਾਂ ਤੋਂ ਬਾਅਦ ਇਸ ਅਲਾਮਤ ਦੇ ਖ਼ਤਰਿਆਂ ਨਾਲ ਜੂਝ ਰਹੇ ਨੌਜਵਾਨਾਂ ਨੇ ਇਲਾਜ ਲਈ ਹਸਪਤਾਲਾਂ ਵਿਚ ਆਉਣਾ ਸ਼ੁਰੂ ਕੀਤਾ ਹੈ। 

ਵਿਦਿਅਕ ਅਦਾਰਿਆਂ 'ਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਗੱਲ ਕਹਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ। ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਵਿਚ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਰਕਾਰ ਵਲੋਂ ਖੇਡ ਨੀਤੀ ਜਲਦ ਹੀ ਲਿਆਂਦੀ ਜਾ ਰਹੀ ਹੈ ਜਿਸ ਨਾਲ ਬਚਪਨ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲਗਾਤਾਰ ਯੁਵਕ ਮੇਲੇ ਕਰਵਾਏ ਜਾਇਆ ਕਰਨਗੇ।

ਇਸ ਤੋਂ ਪਹਿਲਾਂ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਦਸਿਆ ਕਿ ਇਸ ਕਮੇਟੀ ਅਧੀਨ ਲਗਭਗ 1600 ਕਾਲਜਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀ ਡੈਪੋ ਵਲੰਟੀਅਰ ਵਜੋਂ ਰਜਿਸਟਰ ਹੋ ਚੁੱਕੇ ਹਨ ਅਤੇ ਇਸ ਤੋਂ ਇਲਾਵਾ 2000 ਮੁਲਾਜ਼ਮ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸੂਬਾ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ।  ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਅੰਸ਼ੂ ਕਟਾਰੀਆ ਵੀ ਹਾਜ਼ਰ ਸਨ।