UAPA ਬਨਾਮ ਸਿੱਖ ਨੌਜਵਾਨ: ਕੈਪਟਨ ਦਾ ਸੁਖਬੀਰ 'ਤੇ ਪਲਟਵਾਰ, ਬਾਦਲਾਂ ਨੇ ਠੋਕੇ ਸਨ ਸਭ ਤੋਂ ਵੱਧ ਕੇਸ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖ ਨੌਜਵਾਨਾਂ 'ਤੇ ਦਰਜ ਹੋਏ ਕੇਸਾਂ ਸਬੰਧੀ ਜਾਰੀ ਕੀਤੇ ਵੇਰਵੇ

Capt Amrinder Singh-Sukhbir Badal

ਚੰਡੀਗੜ੍ਹ : ਸਿੱਖ ਨੌਜਵਾਨਾਂ 'ਤੇ ਯੂਏਪੀਏ ਤਹਿਤ ਕੇਸ ਦਰਜ ਕਰਨ ਦਾ ਮਾਮਲਾ ਤੁਲ ਫੜਦਾ ਜਾ ਰਿਹਾ ਹੈ।  ਪੰਜਾਬ ਦੀਆਂ ਸਿਆਸੀ ਧਿਰਾਂ ਵੀ ਹੁਣ ਇਸ ਮੁੱਦੇ 'ਤੇ ਇਕ-ਦੂਜੇ ਨੂੰ ਘੇਰਨ ਦੇ ਰਾਹ ਪੈ ਗਈਆਂ ਹਨ। ਇਸ ਮਾਮਲੇ 'ਚ ਸਭ ਤੋਂ ਪਹਿਲਾਂ ਵਿਧਾਇਕ ਸੁਖਪਾਲ ਖਹਿਰਾ ਨੇ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਦੇ ਇਸ ਕਦਮ ਨੂੰ ਲੋਕਾਂ ਦੀ ਕਾਫ਼ੀ ਸਰਾਹਨਾ ਵੀ ਮਿਲੀ। ਇਸ ਤੋਂ ਬਾਅਦ ਇਹ ਮੁੱਦਾ ਹੋਰ ਗਰਮਾਉਂਦਾ ਗਿਆ।

ਮੁੱਦਾ ਗਰਮ ਹੁੰਦਾ ਵੇਖ ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿਤੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਨੂੰ ਇੰਦਰਾ ਗਾਂਧੀ ਦੇ ਰਾਹ ਪੈਣ ਦਾ ਮਿਹਣਾ ਦੇ ਮਾਰਿਆ। ਇਸ ਤੋਂ ਬਾਅਦ ਹੁਣ ਕਾਂਗਰਸੀਆਂ ਨੇ ਵੀ ਅਕਾਲੀਆਂ ਨੂੰ ਘੇਰਨਾ ਸ਼ੁਰੂ ਕਰ ਦਿਤਾ ਹੈ।

ਇੰਨਾ ਹੀ ਨਹੀਂ, ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖ ਨੌਜਵਾਨਾਂ ਖਿਲਾਫ਼ ਯੂਏਪੀਏ ਦੀ ਦੁਰਵਰਤੋਂ ਦੇ ਵੇਰਵੇ ਨਸ਼ਰ ਕਰਦਿਆਂ ਅਕਾਲੀਆਂ 'ਤੇ ਸਿੱਖ ਨੌਜਵਾਨਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨ ਕਰਨ ਦੀ ਇਲਜ਼ਾਮ ਲਾਏ ਹਨ।

ਕੈਪਟਨ ਨੇ ਵੇਰਵੇ ਨਸ਼ਰ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਯੂਏਪੀਏ  ਤਹਿਤ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿਚੋਂ 2010 ਵਿਚ 19 ਤੇ 2017 ਵਿਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿਚੋਂ 120 ਨੂੰ ਬਰੀ ਹੋ ਚੁੱਕੇ ਹਨ ਜਿਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਅਕਾਲੀ ਹਕੂਮਤ ਦੌਰਾਨ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।

ਕੈਪਟਨ ਨੇ ਦਾਅਵਾ ਕੀਤਾ ਹੈ ਕਿ ਕਿਸੇ ਖ਼ਿਲਾਫ਼ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਵਿਸ਼ੇਸ਼ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖ਼ਿਲਾਫ਼ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਉਹ ਪੰਜਾਬ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਾਰੇ ਢੁਕਵੇਂ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਰੋਕ ਨਹੀਂ ਸਕਦੀਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।