ਟੈਂਡਰ ਘੁਟਾਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਗਿਆ ਜੇਲ੍ਹ
ਵਿਜੀਲੈਂਸ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਾਬਕਾ ਮੰਤਰੀ ਦਾ ਰਿਮਾਂਡ ਲੈ ਚੁੱਕੀ ਹੈ।
ਲੁਧਿਆਣਾ: ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਾਬਕਾ ਮੰਤਰੀ ਦਾ ਰਿਮਾਂਡ ਲੈ ਚੁੱਕੀ ਹੈ।
22 ਅਗਸਤ ਨੂੰ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਹਨਾਂ ਦੇ ਘਰ ਦੇ ਨੇੜਿਓਂ ਇਕ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਭਾਰਤ ਭੂਸ਼ਣ ਆਸ਼ੂ ਨੂੰ 23 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਦਾ 27 ਅਗਸਤ ਤੱਕ ਰਿਮਾਂਡ ਲਿਆ ਗਿਆ। ਇਸ ਤੋਂ ਬਾਅਦ 27 ਦਾ 29 ਅਗਸਤ ਤੱਕ 2 ਦਿਨ ਦਾ ਰਿਮਾਂਡ ਹਾਸਲ ਕੀਤਾ। ਫਿਰ 29 ਅਗਸਤ ਤੋਂ 31 ਅਗਸਤ ਤੱਕ ਰਿਮਾਂਡ ਹਾਸਲ ਕੀਤਾ ਗਿਆ।
ਇਸ ਤੋਂ ਇਲਾਵਾ ਵਿਜੀਲੈਂਸ ਨੇ ਸਾਬਕਾ ਮੰਤਰੀ ਦੇ ਕਰੀਬੀਆਂ ’ਤੇ ਵੀ ਸ਼ਿਕੰਜਾ ਕੱਸਿਆ ਹੈ। ਭਾਰਤ ਭੂਸ਼ਣ ਆਸ਼ੂ ਦਾ ਪੀਏ ਮੀਨੂੰ ਪੰਕਜ ਮਲਹੋਤਰਾ ਫਰਾਰ ਚੱਲ ਰਿਹਾ ਹੈ।