ਪੰਚਾਇਤਾਂ ਨੂੰ ਮੁੜ ਬਹਾਲ ਕਰਨਾ 'ਆਪ' ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ: ਰਾਜਾ ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਚੇਅਰਪਰਸਨਾਂ ਨੂੰ 'ਆਪ' ਸਰਕਾਰ ਦੇ ਗੈਰ-ਸੰਵਿਧਾਨਕ ਫੈਸਲੇ ਨੂੰ ਰੱਦ ਕਰਨ 'ਤੇ ਵਧਾਈ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਹੁਣ ਨਿਰਧਾਰਤ ਸਮੇਂ ਅਨੁਸਾਰ ਹੋਣ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਗੈਰ-ਕਾਨੂੰਨੀ ਫੈਸਲੇ ਤੋਂ ਬਾਅਦ ਆਪਣੇ ਕਾਰਜਕਾਲ ਦੀ ਬਹਾਲੀ 'ਤੇ ਪੰਚਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਵਧਾਈ ਦਿੱਤੀ ਹੈ।
ਇਸ ਤਾਨਾਸ਼ਾਹੀ ਫੈਸਲੇ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਇਸ ਤਾਨਾਸ਼ਾਹੀ ਫੈਸਲੇ ਨੇ 'ਆਪ' ਲੀਡਰਸ਼ਿਪ ਦੇ ਦੋਹਰੇ ਮਾਪਦੰਡਾਂ ਨੂੰ ਨੰਗਾ ਕਰ ਦਿੱਤਾ ਹੈ ਅਤੇ ਇਹ ਫੈਸਲਾ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕ ਖੋਹਣ 'ਤੇ ਤੁਲੀ ਹੋਈ ਲੀਡਰਸ਼ਿਪ ਦੇ ਮੂੰਹ 'ਤੇ ਕਰਾਰੀ ਚਪੇੜ ਹੈ।
ਪੰਚਾਇਤਾਂ ਦੇ ਹੱਕ ਵਿੱਚ ਆਏ ਫੈਸਲੇ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵੜਿੰਗ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਸੂਬੇ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ। ਅਸੀਂ ਪੰਚਾਇਤਾਂ ਨੂੰ ਭੰਗ ਕਰਨ ਦੇ ਗੈਰ-ਸੰਵਿਧਾਨਕ ਫੈਸਲੇ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ 'ਤੇ ਦਬਾਅ ਪਾਉਣ ਲਈ ਇਹ ਮੁੱਦਾ ਉਠਾਇਆ, ਧਰਨੇ ਦਿੱਤੇ।
ਉਨ੍ਹਾਂ ਕਿਹਾ, ''ਮੈਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਚਿਤ ਕੀਤਾ ਕਿ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ।'' ਉਨ੍ਹਾਂ ਕਿਹਾ ਕਿ ਇਹ ਰੱਖੜ ਪੁੰਨਿਆ ਦਾ ਸ਼ੁਭ ਦਿਹਾੜਾ ‘ਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਲਈ ਤੋਹਫੇ ਦੇ ਬਰਾਬਰ ਹੈ।
ਸੂਬਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹੋਣ ਦੇ ਨਾਲ-ਨਾਲ ਸੰਵਿਧਾਨ ਦੀ ਉਲੰਘਣਾ ਵੀ ਹੈ। ਵੜਿੰਗ ਨੇ ਕਿਹਾ ਕਿ ਪੰਚਾਇਤਾਂ ਦੇ ਸਵੈ-ਸ਼ਾਸਨ ਦੇ ਅਧਿਕਾਰਾਂ ਨੂੰ ਖੋਹਣ ਦੀਆਂ ਸਰਕਾਰ ਦੀਆਂ ਕੋਝੀਆਂ ਕੋਸ਼ਿਸ਼ਾਂ ਦਾ ਕਾਂਗਰਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ ਅਤੇ ਇਹ ਉਨ੍ਹਾਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਦਾ ਪਰਦਾਫਾਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਨੁਮਾਇੰਦਿਆਂ ਦੇ ਅਧਿਕਾਰ ਨੂੰ ਖੋਰਾ ਲਾਉਣ ਦੀ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗੀ।
ਆਪ ਪਾਰਟੀ ਦੀ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਮਨਮਾਨੀ ਅਤੇ ਗੈਰ-ਕਾਨੂੰਨੀ ਅਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਵਿਰੁੱਧ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਤਰਫਾ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਲਈ ਪਟੀਸ਼ਨ ਦਾਇਰ ਕੀਤੀ ਸੀ। ਵੜਿੰਗ ਨੇ ਅੱਗੇ ਕਿਹਾ ਕਿ ਇਨਸਾਫ਼ ਦੀ ਜਿੱਤ ਹੋਈ ਹੈ ਅਤੇ ਉਨ੍ਹਾਂ ਲੋਕਾਂ ਦੀ ਜਿੱਤ ਹੈ ਜੋ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਦੀ ਬਿਹਤਰੀ ਚਾਹੁੰਦੇ ਸਨ।
ਦਿੱਲੀ ਦਾ ਹਵਾਲਾ ਦਿੰਦੇ ਹੋਏ, ਪੰਜਾਬ ਕਾਂਗਰਸ ਪ੍ਰਧਾਨ ਨੇ ਦਿੱਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਦੋਹਰੀ ਗੱਲ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਦਿੱਲੀ ਆਰਡੀਨੈਂਸ ਰਾਹੀਂ ਦਿੱਲੀ ਦੀਆਂ ਸ਼ਕਤੀਆਂ ਨੂੰ ਭੰਗ ਕਰਨ 'ਤੇ ਰੌਲਾ ਪਾਇਆ ਸੀ ਅਤੇ ਦੇਸ਼ ਭਰ ਵਿਚ ਜਾ ਕੇ ਸਮਰਥਨ ਹਾਸਲ ਕੀਤਾ ਸੀ, ਜਦਕਿ ਪੰਜਾਬ ਵਿਚ ਇਸ ਦੀ ਆਪਣੀ ਲੀਡਰਸ਼ਿਪ ਸੂਬੇ ਵਿਚ ਇਸ ਤਜਰਬੇ ਦੀ ਨਕਲ ਕਰ ਰਹੀ ਹੈ।