Punjab News: ਸਰਕਾਰ ਨੇ ਚੰਡੀਗੜ੍ਹ ਲੱਗਣ ਵਾਲੇ ਮੋਰਚੇ ਤੋਂ ਪਹਿਲਾਂ ਕਿਸਾਨ-ਮਜ਼ਦੂਰ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿਤਾ

ਏਜੰਸੀ

ਖ਼ਬਰਾਂ, ਪੰਜਾਬ

Punjab News: ਪਹਿਲੀ ਸਤੰਬਰ ਤੋਂ ਵਿਧਾਨ ਸਭਾ ਸੈਸ਼ਨ ਮੌਕੇ ਖੇਤੀ ਨੀਤੀ ਨੂੰ ਲੈ ਕੇ ਲੱਗਣਾ ਹੈ ਮੋਰਚਾ

The government invited farmers-labour leaders for talks before the march to be held in Chandigarh

 

Punjab News: ਕਿਸਾਨ-ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਨਾਉਣ ਸਮੇਤ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਗਾ ਕੇ 2 ਸਤੰਬਰ ਨੂੰ ਵਿਧਾਨ ਸਭਾ ਵਲ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 1 ਸਤੰਬਰ ਨੂੰ ਹੀ ਦੋਹਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿਤਾ ਗਿਆ ਹੈ। 

ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿਤੀ ਹੈ।

ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਤੋਂ ਇਲਾਵਾ ਚੰਡੀਗੜ੍ਹ ਦੇ ਐਸ ਐਸ ਪੀ ਵਲੋਂ ਵੀ ਉਨ੍ਹਾਂ ਦੀਆਂ ਜਥੇਬੰਦੀਆਂ ਨੂੰ 31 ਅਗੱਸਤ ਨੂੰ ਮੀਟਿੰਗ ਦਾ ਸੱਦਾ ਦਿਤਾ ਗਿਆ। 
   ਉਨ੍ਹਾਂ ਮੀਟਿੰਗ ਦਾ ਸੱਦਾ ਪ੍ਰਵਾਨ ਕਰਨ ਦੇ ਨਾਲ ਹੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1 ਸਤੰਬਰ ਨੂੰ ਪ੍ਰਵਾਰਾਂ ਸਮੇਤ ਚੰਡੀਗੜ੍ਹ ਵਿਖੇ ਲੱਗ ਰਹੇ ਖੇਤੀ ਨੀਤੀ ਮੋਰਚੇ ’ਚ ਪਹੁੰਚਣ ਦਾ ਜ਼ੋਰਦਾਰ ਸੱਦਾ ਦਿਤਾ।

ਕਿਸਾਨ ਮਜ਼ਦੂਰ ਆਗੂਆਂ ਨੇ ਆਖਿਆ ਕਿ ਦੋਨਾਂ ਜਥੇਬੰਦੀਆਂ ਵਲੋਂ ਪਿਛਲੇ ਡੇਢ ਸਾਲ ਤੋਂ ਸਰਕਾਰ ਨੂੰ ਖੇਤੀ ਨੀਤੀ ਦੇ ਖਰੜੇ ਸੌਂਪ ਕੇ ਹਕੂਮਤੀ ‘ਆਪ’ ਪਾਰਟੀ ਵਲੋਂ  ਚੋਣ ਵਾਅਦੇ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਨਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ।

ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਖੇਤੀ ਨੀਤੀ ਬਨਾਉਣ ਲਈ ਗਠਿਤ ਕਮੇਟੀ ਵਲੋਂ ਵੀ ਪਿਛਲੇ ਸਾਲ ਅਕਤੂਬਰ ਮਹੀਨੇ ’ਚ ਖੇਤੀ ਨੀਤੀ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਸਰਕਾਰ ਦੁਆਰਾ ਕੋਈ ਸਾਰਥਕ ਕਦਮ ਨਾ ਚੁਕਣਾ ਉਸ ਦੀ ਮਜ਼ਦੂਰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਤੇ ਸੂਦਖੋਰਾਂ ਪੱਖੀ ਨੀਅਤ ਅਤੇ ਨੀਤੀ ਦਾ ਸਿੱਟਾ ਹੈ।