ਬਿਆਸ ਦਰਿਆ 'ਚ ਪਾਣੀ ਦਾ ਪੱਧਰ ਹੋਰ ਵਧਿਆ ਪ੍ਰਸ਼ਾਸਨ ਨੇ ਅਲਰਟ ਕੀਤਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਕੀਤੀ ਅਪੀਲ

Water level in Beas River rises further, administration issues alert

ਕਪੂਰਥਲਾ : ਪਹਾੜੀ ਇਲਾਕਿਆਂ ’ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ’ਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ’ਚ ਰਹਿ ਰਹੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਉੇਪਰ ਆ ਜਾਣ ਦੀ ਅਪੀਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕ ਸੁਰੱਖਿਅਤ ਥਾਵਾਂ ਉੇਪਰ ਆਉਣ। ਉਨ੍ਹਾਂ ਕਿਹਾ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ’ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।