ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ
ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 'ਰਾਸ਼ਟਰੀ ਏਕਤਾ ਦਿਵਸ' ਮਨਾਇਆ...
ਚੰਡੀਗੜ੍ਹ (ਸ.ਸ.ਸ) : ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 'ਰਾਸ਼ਟਰੀ ਏਕਤਾ ਦਿਵਸ' ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 'ਰਾਸ਼ਟਰੀ ਏਕਤਾ ਦਿਵਸ' ਮੌਕੇ ਸਹੁੰ ਚੁਕਾਈ। ਉਨਾਂ ਕਿਹਾ, 'ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ ਆਪ ਦੇਸ਼ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਇਸ ਸੁਨੇਹੇ ਨੂੰ ਸਾਰੇ ਸਾਥੀ ਦੇਸ਼ਵਾਸੀਆਂ ਤਕ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ।
ਇਸ ਸਮਾਰੋਹ ਦੀ ਸ਼ੁਰੂਆਤ ਵਿੱਚ ਆਮ ਰਾਜ ਪ੍ਰਬੰਧ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਪਟੇਲ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਵਿੱਚ ਭੂਮਿਕਾ ਨਿਭਾਉਣ ਤੋਂ ਇਲਾਵਾ ਸੰਗਠਿਤ ਅਤੇ ਸੁਤੰਤਰ ਦੇਸ਼ ਦੇ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ ਸੀ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਚ ਯੋਗਦਾਨ ਦੇਣ ਦੀ ਸਹੁੰ ਵੀ ਚੁੱਕੀ। ਕਰਮਚਾਰੀਆਂ ਵੱਲੋਂ ਰਾਸ਼ਟਰ ਦੇ ਨਿਰਮਾਣ 'ਚ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਧੀਕ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾੜੀ, ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਪ੍ਰਸੋਨਲ ਮਿਸ. ਨੀਲਿਮਾ ਅਤੇ ਡਾਇਰੈਕਟਰ ਪ੍ਰਾਹੁਣਾਚਾਰੀ ਸ੍ਰੀ ਮੋਨੀਸ਼ ਕੁਮਾਰ ਵੀ ਹਾਜ਼ਰ ਸਨ।