ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ
ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ
ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ
ਚੰਡੀਗੜ੍ਹ, 30 ਅਕਤੂਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ | ਪਰਾਲੀ ਸਾੜਨ ਵਿਰੁਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲਿ੍ਹਆਂ ਵਿਚ ਕੀਤੇ ਜਾ ਰਹੇ ਯਤਨਾਂ ਦਾ ਨਿਜੀ ਤੌਰ 'ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿਤੇ ਹਨ |
ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿਚ ਪਰਾਲੀ ਦੇ ਖੇਤਾਂ ਵਿਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁਲ ਗਿਣਤੀ 1.2 ਲੱਖ ਹੋ ਗਈ ਹੈ | ਭਗਵੰਤ ਮਾਨ ਨੇ ਅੱਗੇ ਦਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿਤੇ ਗਏ ਹਨ |
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁਧ ਸੂਬੇ ਭਰ ਵਿਚ ਮੁਹਿੰਮ ਵਿੱਢੀ ਗਈ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਸੰਵੇਦਨਸ਼ੀਲ ਖੇਤਰਾਂ ਵਿਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿਚ ਸਿਹਤ ਅਤੇ ਸਿਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ | ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ | ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਣ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ |