ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਦਾ ਅਹਿਦ

Vigilance awareness week commences, VB organises campaign for creating awareness across Punjab

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ

ਚੰਡੀਗੜ੍ਹ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ 'ਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 'ਤੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਹੈ ਅਤੇ ਵਿਸ਼ਵਾਸ਼ ਦਿਵਾਇਆ ਹੈ ਕਿ ਭ੍ਰਿਸ਼ਟਚਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੂਬੇ ਭਰ ਵਿੱਚ 31 ਅਕਤੂਬਰ ਤੋਂ 6 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏ.ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਉਦੇਸ਼ ਸਰਕਾਰੀ ਦਫ਼ਤਰਾਂ ਅਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਵਾਸਤੇ ਸਾਡੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਅਧਿਕਾਰੀਆਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਾਰਦਰਸ਼ਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾ ਸਕੇ।

ਉਹਨਾਂ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਸੰਕਲਪਿਤ 'ਵਿਕਸਿਤ ਰਾਸ਼ਟਰ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ' ਦੇ ਆਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।  ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।

ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਪ੍ਰਸ਼ਾਸਨ ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਇਸ ਦੌਰਾਨ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ ਡਵੀਜ਼ਨਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿੱਥੇ ਫੀਲਡ ਅਫਸਰਾਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਰੇਂਜ ਦੇ ਐਸ.ਐਸ.ਪੀਜ਼ ਨੇ ਇਸ ਜਾਗਰੂਕਤਾ ਹਫ਼ਤੇ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ।