ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ

Chief Minister's Flying Squad keeping a close eye on the renovation of link roads: Gurmeet Singh Khudian

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲ੍ਹਿਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਫਰੀਦਕੋਟ, ਐਸ.ਬੀ.ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ 'ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ 'ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।