ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ...
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਅੱਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਪੰਜ-ਰੋਜ਼ਾ ਯੁਵਕ ਮੇਲੇ ਦਾ ਸਮਾਪਤੀ ਸਮਾਰੋਹ ਯੂਨੀਵਰਸਿਟੀ ਦੇ ਲਾਅ-ਆਡੀਟੋਰੀਅਮ ਵਿਚ ਕਰਾਇਆ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਸਿੱਖਿਆ ਦੇ ਖੇਤਰ ਵਿਚ ਬਹੁਤ ਵੱਡਾ ਨਾਂ ਹੈ, ਜਿਸ 'ਤੇ ਸਾਰਿਆਂ ਨੂੰ ਮਾਣ ਹੈ।
ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਬੇਹੱਦ ਅਹਿਮ ਪੜਾਅ ਹੁੰਦਾ ਹੈ, ਜੋ ਉਮਰ ਭਰ ਯਾਦਾਂ ਵਿਚੋਂ ਕਦੇ ਵੀ ਮਨਫ਼ੀ ਨਹੀਂ ਹੁੰਦਾ। ਇਸ ਤਰ੍ਹਾਂ ਦੇ ਯੁਵਕ ਮੇਲੇ ਵਿਦਿਆਰਥੀ ਜੀਵਨ ਨੂੰ ਹੋਰ ਰੰਗਲਾ ਬਣਾਉਂਦੇ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਅਤੇ ਪ੍ਰਬੰਧਕੀ ਸਕੱਤਰ ਸ੍ਰੀ ਨਿਰਮਲ ਜੌੜਾ ਅਤੇ ਹੋਰਾਂ ਨੂੰ ਇਸ ਯੁਵਕ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।
ਉਨ੍ਹਾਂ ਨੇ ਇਸ ਯੁਵਕ ਮੇਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਇਨਾਮ ਵੰਡੇ। ਉਨ੍ਹਾਂ ਨੇ ਜੇਤੂਆਂ ਨੂੰ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਅਤੇ ਜਿੱਤ ਨਾ ਸਕਣ ਵਾਲਿਆਂ ਨੂੰ ਮਾਯੂਸ ਨਾ ਹੋਣ ਬਲਕਿ ਅੱਗੇ ਤੋਂ ਹੋਰ ਤਕੜੇ ਹੋ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।