ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਹਾਈਕੋਰਟ ਜਾਵੇਗੀ ਆਪ

ਏਜੰਸੀ

ਖ਼ਬਰਾਂ, ਪੰਜਾਬ

ਖਹਿਰਾ ਦੀ ਮੈਂਬਰੀ ਖਾਰਜ ਕਰਨ ਦੀ ਕੀਤੀ ਜਾਵੇਗੀ ਮੰਗ

file photo

ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਆਉਂਦੇ ਸਮੇਂ 'ਚ ਸਿਆਸੀ ਦਿੱਕਤਾਂ ਵੱਧ ਸਕਦੀਆਂ ਹਨ। 'ਆਪ' ਦੀ ਟਿਕਟ ਤੋਂ ਚੋਣ ਲੜ ਕੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਵਿਰੁਧ ਆਮ ਆਦਮੀ ਪਾਰਟੀ ਨੇ ਕਮਰਕੱਸੇ ਕੱਸ ਲਏ ਹਨ।

ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਆਪ ਵਲੋਂ ਹਾਈ ਕੋਰਟ ਦਾ ਰੁਖ ਕਰਨ ਦੀ ਤਿਆਰੀ ਖਿੱਚ ਲਈ ਹੈ। ਆਪ ਵਲੋਂ ਹਾਈ ਕੋਰਟ 'ਚ ਸੁਖਪਾਲ ਸਿੰਘ ਖਹਿਰਾ ਨੂੰ ਦਲ ਬਦਲੂ ਕਾਨੂੰਨ ਤਹਿਤ ਵਿਧਾਇਕੀ ਤੋਂ ਫਾਰਗ ਕਰਨ ਦੀ ਅਪੀਲ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ ਸੁਖਪਾਲ ਖਹਿਰਾ ਵਲੋਂ ਬਾਹਰ ਜਾ ਕੇ ਨਵੀਂ ਪਾਰਟੀ ਬਣਾਉਣ ਅਤੇ ਚੋਣ ਲੜਨ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਆਮ ਆਦਮੀ ਆਉਂਦੇ ਸਾਲ 2020 ਦੇ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਹਾਈਕੋਰਟ ਖਹਿਰਾ ਵਿਰੁਧ ਪਟੀਸ਼ਨ ਦਾਇਰ ਕਰ ਸਕਦੀ ਹੈ। ਦੂਜੇ ਪਾਸੇ 'ਆਪ' ਨੇ ਮਾਸਟਰ ਬਲਦੇਵ ਸਿੰਘ, ਨਾਜਰ ਸਿੰਘ ਮਾਨਸ਼ਾਹੀਆ ਅਤੇ ਸੰਦੋਆ ਮਾਮਲੇ 'ਤੇ ਚੁੱਪੀ ਧਾਰੀ ਹੈ।

ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਹਿਲਾਂ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ 'ਤੇ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੇ। ਇਸ ਚੋਣ ਵਿਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਪਣਾ ਅਸਤੀਫਾ ਵਾਪਸ ਲਿਆ ਸੀ।