ਵਿਦਿਆਰਥੀ ਪ੍ਰਦਰਸ਼ਨ ਨਾਲ ਕਰਨਗੇ ਨਵੇਂ ਸਾਲ ਦਾ ਸਵਾਗਤ

ਏਜੰਸੀ

ਖ਼ਬਰਾਂ, ਪੰਜਾਬ

ਨਾਗਰਿਕਤਾ ਕਾਨੂੰਨ ਖਿਲਾਫ਼ ਪ੍ਰਦਰਸ਼ਨ ਦਾ ਐਲਾਨ

file photo

ਚੰਡੀਗੜ੍ਹ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਬੀਤੇ ਦਿਨ ਪੰਜਾਬ ਕਾਂਗਰਸ ਵਲੋਂ ਰੋਸ ਮਾਰਚ ਕੱਢਿਆ ਗਿਆ ਸੀ। ਇਸ  ਰੋਸ ਮਾਰਚ 'ਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ ਸੀ। ਹੁਣ ਪੰਜਾਬ ਦੇ ਵਿਦਿਆਰਥੀ ਸੰਗਠਨ ਵੀ ਨਵੇਂ ਸਾਲ ਦੀ ਆਮਦ ਮੌਕੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਪ੍ਰਦਰਸ਼ਨ ਕਰਨ ਦੇ ਰੌਂਅ 'ਚ ਹਨ। ਇਸ ਸਬੰਧੀ ਵਿਦਿਆਰਥੀਆਂ ਨੇ ਬਕਾਇਦਾ ਐਲਾਨ ਵੀ ਕਰ ਦਿਤਾ ਹੈ।

ਵਿਦਿਆਰਥੀ ਜਥੇਬੰਦੀਆਂ ਅਨੁਸਾਰ ਬੁੱਧਵਾਰ ਨੂੰ ਨਾਗਿਰਕਤਾ ਸੋਧ ਕਾਨੂੰਨ ਤੇ ਐਨਆਰਸੀ ਵਿਰੁਧ ਰੋਸ ਪ੍ਰਦਰਸ਼ਨ ਕਰਨਗੇ। ਪ੍ਰਦਰਸ਼ਨ ਵਿਚ ਪੰਜਾਬ ਦੀਆਂ ਸਾਰੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਖੱਬੇਪੱਖੀ ਸੰਗਠਨਾਂ ਨਾਲ ਜੁੜੇ ਵਿਦਿਆਿਰਥੀ ਭਾਗ ਲੈਣਗੇ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ। ਪਰ ਜੇਕਰ ਕਿਸੇ ਨੇ ਪ੍ਰਦਰਸ਼ਨਾਂ ਦੀ ਆੜ ਹੇਠ ਕਾਨੂੰਨ ਨੂੰ ਹੱਥ 'ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਵਿਰੋਧ ਜਤਾਉਣ ਦਾ ਸਭ ਨੂੰ ਬਰਾਬਰ ਸਵਿਧਾਨਕ ਅਧਿਕਾਰ ਹੈ। ਪਰ ਪ੍ਰਦਰਸ਼ਨਾਂ ਦੀ ਆੜ 'ਚ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦਿਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਿਰਥੀਆਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ 'ਤੇ ਕੋਈ ਇਤਰਾਜ਼ ਨਹੀਂ ਹੈ।