ਅੰਮ੍ਰਿਤਸਰ- ਸ੍ਰੀ ਅਕਾਲ ਤਖਤ 'ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋ ਰਹੀ ਹੈ। ਇਸ ਮੀਟਿੰਗ 'ਚ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗਿਆਨੀ ਜਗਤਾਰ ਸਿੰਘ ਹਜ਼ਾਰ ਹਨ।
ਇਸ ਮੀਟਿੰਗ 'ਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜੁਨ ਸਿੰਘ ਬਾਦਲ ਦੇ ਪੇਸ਼ ਹੋਣ ਦਾ ਇਕ ਆਖਰੀ ਮੌਕਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਉਨ੍ਹਾਂ ਨੂੰ ਡੇਰਾ ਸਿਰਸਾ ਵਿਖੇ ਵੋਟਾਂ ਮੰਗਣ ਦੇ ਦੋਸ਼ ਵਿਚ ਤਲਬ ਕੀਤਾ ਗਿਆ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਪ੍ਰਧਾਨ ਮਾ. ਜੌਹਰ ਸਿੰਘ ਵਿਰੁੱਧ ਸਖ਼ਤ ਫੈਸਲਾ ਲਏ ਜਾਣ ਦੀਆਂ ਸੰਭਾਵਨਾਵਾਂ ਵੱਧ ਹਨ।
ਜ਼ਿਕਰਯੋਗ ਹੈ ਕਿ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਮਾ. ਜੌਹਰ ਸਿੰਘ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਔਰਤ ਨਾਲ ਇਤਰਾਜ਼ਯੋਗ ਹਾਲਾਤ 'ਚ ਫੜਿਆ ਗਿਆ ਸੀ।
ਇਸ ਮਾਮਲੇ 'ਚ ਕਮੇਟੀ ਜੌਹਰ ਸਿੰਘ ਸਮੇਤ ਹੋਰਨਾਂ ਨੂੰ ਦੋਸ਼ੀ ਕਰਾਰ ਦੇ ਚੁੱਕੀ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੌਹਰ ਸਿੰਘ ਨੂੰ ਆਖਰੀ ਮੌਕਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਦਿੱਤਾ ਗਿਆ ਹੈ।