ਅਕਾਲੀ ਦਲ 'ਪੋਲ ਖੋਲ੍ਹ ਲਹਿਰ' ਰਾਹੀਂ ਕਰਜ਼ਾ ਮਾਫ਼ੀ ਦੇ ਧੋਖੇ ਦਾ ਪਰਦਾ ਫ਼ਾਸ਼ ਕਰੇਗਾ : ਸੁਖਬੀਰ

ਖ਼ਬਰਾਂ, ਪੰਜਾਬ

ਚੰਡੀਗੜ੍ਹ, 11 ਜਨਵਰੀ (ਸਸਸ): ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਵਲੋਂ ਮੁਸੀਬਤ ਦੇ ਮਾਰੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ ਅਤੇ ਪਛੜੇ ਵਰਗਾਂ ਨਾਲ ਕਰਜ਼ਾ ਮੁਆਫ਼ੀ ਦੇ ਨਾਂ ਉੱਤੇ ਕੀਤੇ ਵੱਡੇ ਧੋਖੇ ਦਾ ਪਰਦਾ ਫ਼ਾਸ਼ ਕਰਨ ਲਈ ਫ਼ਰਵਰੀ ਦੇ ਪਹਿਲੇ ਹਫ਼ਤੇ ਪੰਜਾਬ ਵਿਚ ਪੋਲ ਖੋਲ੍ਹ ਲਹਿਰ ਸ਼ੁਰੂ ਕਰੇਗਾ। ਇਸ ਲਹਿਰ ਦੌਰਾਨ ਅਕਾਲੀ ਦਲ ਸੂਬੇ ਦਾ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕਰ ਕੇ ਕਾਂਗਰਸ ਦੇ ਮੁੱਦੇ ਨੂੰ ਲੋਕਾਂ ਵਿਚ ਲੈ ਕੇ ਜਾਵੇਗਾ।ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਾਮੀਂ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਕੀਤੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕੀਤਾ। ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਦਾ ਇਕ ਵਫ਼ਦ ਕਲ ਸਵੇਰੇ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ  ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਨੂੰ ਇਹ ਨਿਰਦੇਸ਼ ਦੇਣ ਲਈ ਕਹੇਗਾ ਕਿ ਉਹ ਕਿਸਾਨਾਂ, ਦਲਿਤਾਂ, ਖੇਤ ਮਜ਼ਦੂਰਾਂ ਅਤੇ ਪਛੜੇ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰੇ। 

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅਪਣੇ ਦੱਸਣ ਮੁਤਾਬਕ ਕੁਲ ਕਰਜ਼ਾ 90 ਹਜ਼ਾਰ ਕਰੋੜ ਰੁਪਏ ਦਾ ਹੈ ਅਤੇ ਉਨ੍ਹਾਂ ਦੀ ਕਰਜ਼ਾ ਮੁਆਫ਼ੀ ਸਕੀਮ 700 ਕਰੋੜ ਰੁਪਏ ਤੋਂ ਵੀ ਘੱਟ ਦੀ ਹੈ, ਜੋ ਕੁਲ ਕਰਜ਼ੇ ਦੇ ਬੋਝ ਦਾ ਇਕ ਫ਼ੀ ਸਦੀ ਤੋਂ ਵੀ ਘੱਟ ਬਣਦਾ ਹੈ। ਉਨ੍ਹਾਂ ਦਸਿਆ ਕਿ ਇਹ ਵਫ਼ਦ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਵਾਸਤੇ ਰਾਜਪਾਲ ਨੂੰ ਸੁਪਰੀਮ ਕੌਰਟ ਦੇ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਕਰਨ ਲਈ ਵੀ ਆਖੇਗਾ।
ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਮੁੱਖ ਮੰਤਰੀ ਨਾਲ ਸ਼ਾਮਾਂ ਰੰਗੀਨ ਕਰਨ ਵਾਲੇ ਜਸਟਿਸ ਰਣਜੀਤ ਸਿੰਘ (ਰਿਟਾਇਰਡ) ਦੀ ਨਿਰਪੱਖਤਾ ਅਤੇ ਪੇਸ਼ਾਵਰ ਕਾਬਲੀਅਤ ਉੱਤੇ ਰੱਤੀ ਭਰ ਵੀ ਭਰੋਸਾ ਨਹੀਂ ਹੈ, ਜਿਸ ਦੀ ਜ਼ਿੰਦਗੀ ਦਾ ਮਕਸਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਨਫਰਤ ਕਰਨਾ ਅਤੇ ਬਦਨਾਮ ਕਰਨਾ ਰਿਹਾ ਹੈ।