ਅਤਿਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਪਰਵਾਰਕ ਪੈਨਸ਼ਨ ਬਹਾਲ

ਖ਼ਬਰਾਂ, ਪੰਜਾਬ

ਚੰਡੀਗੜ੍ਹ, 20 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਤਿਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਵਾਰਕ ਪੈਨਸ਼ਨ ਬਹਾਲ ਕਰ ਦਿਤੀ ਹੈ। ਮੁੱਖ ਮੰਤਰੀ ਨੇ ਅਤਿਵਾਦ ਦੇ ਦੌਰ ਵਿਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਵਾਰਾਂ ਨੂੰ ਲਾਲ ਕਾਰਡ ਸਕੀਮ ਦਾ ਲਾਭ ਦੇਣ ਦੀ ਵੀ ਸਹਿਮਤੀ ਦੇ ਦਿਤੀ।ਸਾਲ 2016 ਵਿਚ ਪਿਛਲੀ ਅਕਾਲੀ ਸਰਕਾਰ ਨੇ ਵਿਸ਼ੇਸ਼ ਪੈਨਸ਼ਨ ਸਕੀਮ ਬੰਦ ਕਰ ਦਿਤੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਉਣ 'ਤੇ ਇਸ ਸਕੀਮ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੀਮ ਤਹਿਤ ਵਿਧਵਾ ਨੂੰ ਉਸ ਦੀ ਮੌਤ ਤਕ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਉਸ ਦੇ ਮੁੜ ਵਿਆਹੇ ਜਾਣ ਤਕ ਪੈਨਸ਼ਨ ਦੇਣ ਦਾ ਉਪਬੰਧ ਸੀ।ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਵਾਰਾਂ ਵਲੋਂ ਕੀਤੀ ਅਪੀਲ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਤੁਰਤ ਲਾਲ ਕਾਰਡ ਦਿਤੇ ਜਾਣਗੇ ਜੋ ਹੁਣ ਤਕ ਸਿਰਫ਼ ਅਤਿਵਾਦ ਤੋਂ ਪੀੜਤ ਸਿਵਲੀਅਨਾਂ ਨੂੰ ਹੀ ਦਿਤੇ ਜਾਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਵਾਰਾਂ ਨਾਲ ਵਾਅਦਾ ਕੀਤਾ ਕਿ ਹਥਿਆਰਬੰਦ ਪੁਲਿਸ ਵਿਚ ਭਰਤੀ, ਉਨ੍ਹਾਂ ਦੇ ਬੱਚਿਆਂ ਦੀ ਤਾਇਨਤੀ ਗ੍ਰਹਿ ਜ਼ਿਲ੍ਹਿਆਂ ਦੇ ਨੇੜੇ ਕਰਨ ਬਾਰੇ ਮੰਗ ਨੂੰ ਸਰਕਾਰ ਵਲੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ।ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਫ਼ੋਰਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੁਲਿਸ ਦੇ ਇਤਿਹਾਸ ਵਿਚ ਪਹਿਲੀ ਵਾਰ ਸ਼ਹੀਦਾਂ ਦੇ ਪਰਵਾਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੋਤ ਜਗਾਈ।