ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਤ ਰਾਉ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਪੁੱਜਣ 'ਤੇ ਸਨਮਾਨਤ ਕੀਤਾ।
ਪੰਡਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੰਜਾਬੀ ਦੀਆਂ ਕਿਤਾਬਾਂ ਲੈਣ ਲਈ ਪਹੁੰਚੇ ਸਨ ਤਾਂ ਜੋ ਅਨੁਵਾਦ ਕਰ ਕੇ ਕਰਨਾਟਕਾ ਵਿਚ ਪੰਜਾਬੀ ਦਾ ਪ੍ਰਚਾਰ ਪ੍ਰਸਾਰ ਕਰ ਸਕਣ। ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਆਸਾ ਕੀ ਵਾਰ ਤੇ ਜਫ਼ਰਨਾਮਾ ਦਾ ਅਨੁਵਾਦ ਕਰ ਚੁਕੇ ਹਨ ਅਤੇ ਕਰਨਾਟਕਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਪੰਜਾਬੀ ਦੇ ਪ੍ਰਚਾਰ ਹਿਤ ਕਈ ਲੈਕਚਰ ਵੀ ਕਰ ਚੁਕੇ ਹਨ।
ਇਸ ਮੌਕੇ ਡਾ. ਰੂਪ ਸਿੰਘ ਨੇ ਪੰਡਤ ਰਾਉ ਧਰੇਨਵਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਵਾਸੀ ਪੰਡਤ ਰਾਉ ਧਰੇਨਵਰ ਵਲੋਂ ਜ਼ਮੀਨੀ ਪੱਧਰ 'ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜਸ਼ੀਲ ਹੋਣਾ ਵੀ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੋੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ ਆਦਿ ਮੌਜੂਦ ਸਨ।