ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦਵਾਰਾ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਖ਼ਬਰਾਂ, ਪੰਜਾਬ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਹਫ਼ਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਕਾਰ ਸੇਵਾ ਵਾਲੇ ਮਹਾਂਪੁਰਸ਼, ਨਿਹੰਗ ਸਿੰਘ ਦਲਾਂ ਦੇ ਮੁਖੀ, ਵਿਦਿਅਕ ਸੰਸਥਾਵਾਂ ਦੇ ਮੁਖੀ ਅਤੇ ਹੋਰ ਧਾਰਮਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿ. ਮਾਨ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਸਰਵਣ ਕਰਵਾਈਆਂ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ। ਸਮਾਗਮ ਦੌਰਾਨ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਆਰੰਭ ਹੋਈ ਗੁਰਮਤਿ ਪ੍ਰਚਾਰ ਲਹਿਰ ਵਰਤਮਾਨ ਸਮੇਂ ਅੰਦਰ ਘਰ-ਘਰ ਤਕ ਪਹੁੰਚਾਉਣਾ ਹੋਰ ਵੀ ਜ਼ਰੂਰੀ ਹੈ ਕਿਉਂਕਿ ਮੌਜੂਦਾ ਸਮੇਂ ਅੰਦਰ ਵੀ ਅੰਧ-ਵਿਸ਼ਵਾਸ, ਕਰਮ-ਕਾਂਡ, ਵਹਿਮ-ਭਰਮ ਆਦਿ ਮੂੰਹ ਅੱਡੀ ਖੜੇ ਹਨ। ਸਮਾਜਕ ਕੁਰੀਤੀਆਂ ਵਿਚੋਂ ਮਨੁੱਖਤਾ ਨੂੰ ਬਾਹਰ ਕਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਵਧੀਆ ਭੂਮਿਕਾ ਨਿਭਾਏਗੀ।