ਗੁਟਕਾ ਸਾਹਿਬ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕੀਤਾ ਜਾਵੇ ਗ੍ਰਿਫਤਾਰ

ਖ਼ਬਰਾਂ, ਪੰਜਾਬ

ਟਾਂਡਾ ਉੜਮੁੜ: ਬੀਤੇ ਦਿਨੀ ਉੜਮੁੜ ਟਾਂਡਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਸਦਕਾ ਟਾਂਡਾ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ 'ਚ ਰੋਹ ਦੀ ਲਹਿਰ ਵੱਧਦੀ ਜਾ ਰਹੀ ਹੈ। ਆਪਣੇ ਰੋਸ ਦਾ ਪ੍ਰਗਟਾਵਾ ਕਰਨ 'ਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤੇ ਜਾਣ ਸਬੰਧੀ ਸੋਮਵਾਰ ਗੁਰਦੁਆਰਾ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ, ਗੁਰਦੁਆਰਾ ਬੀਬੀਆਂ ਟਾਂਡਾ ਦੇ ਪ੍ਰਧਾਨ ਨਿਰਮਲ ਸਿੰਘ ਤੁੱਲੀ ਅਤੇ ਗੁਰਦੁਆਰਾ ਸਿੰਘ ਸਭਾ ਉੜਮੁੜ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਉੜਮੁੜ ਵਿਖੇ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਦਾ ਇਕੱਠ ਹੋਇਆ। ਇਸ ਦੌਰਾਨ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨ ਹਵਾਲੇ ਕਰਨ ਦੀ ਮੰਗ ਕੀਤੀ ਗਈ।

ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ, ਨਿਰਮਲ ਸਿੰਘ ਤੁੱਲੀ ਅਤੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪਹਿਲਾਂ ਵੀ ਪੰਜਾਬ ਦੇ ਕਈ ਸ਼ਹਿਰਾਂ 'ਚ ਅਜਿਹੇ ਸ਼ਰਾਰਤੀ ਅਨਸਰਾਂ ਕਰਕੇ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚਾਉਣ ਦੇ ਹਰ ਸੰਭਵ ਯਤਨ ਕੀਤੇ ਹਨ ਜਿਨ੍ਹਾਂ 'ਤੇ ਪੁਲਸ ਪ੍ਰਸ਼ਾਸ਼ਨ ਨੂੰ ਹਰ ਹੀਲੇ ਲਗਾਮ ਜਲਦ ਤੋਂ ਜਲਦ ਲਗਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਲੂੰ ਪੂਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਤੇ ਅਜਿਹੀ ਘਿਨਾਉਣੀ ਘਟਨਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤਾਂ ਜੋ ਇਲਾਕੇ 'ਚ ਮਾਹੌਲ ਸ਼ਾਤਮਈ ਬਣਿਆ ਰਹਿ ਸਕੇ।