ਪਟਨਾ, 22 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ।ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿਤਾ।ਇਕ ਬੁਲਾਰੇ ਨੇ ਇਸ ਸੰਖੇਪ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਦਸਿਆ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਚੇਅਰ ਸਥਾਪਤ ਕੀਤੀ ਗਈ ਹੈ, ਤੋਂ ਇਕ ਟੀਮ ਖੋਜ ਕਾਰਜਾਂ ਲਈ ਦਸਮ ਪਿਤਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ।