ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਖ਼ਬਰਾਂ, ਪੰਜਾਬ

ਚੰਡੀਗੜ੍ਹ, 18 ਦਸੰਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 24 ਦਸੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 350ਵੇਂ ਪ੍ਰਕਾਸ਼ ਉਤਸਵ ਸਬੰਧੀ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਇਸ ਸਮਾਰੋਹ ਵਿਚ ਹਾਜ਼ਰ ਹੋਣਗੇ। ਉਨ੍ਹਾਂ ਅਪਣੇ ਕਈ ਕੈਬਨਿਟ ਸਾਥੀਆਂ ਅਤੇ ਪ੍ਰਮੁੱਖ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਸ ਸਬੰਧ ਵਿੱਚ ਕਈ ਫ਼ੈਸਲੇ ਲਏ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ। 

24 ਅਤੇ 25 ਦਸੰਬਰ ਨੂੰ ਦੋ ਦਿਨ ਵਾਸਤੇ ਖ਼ਾਲਸਾ ਵਿਰਾਸਤ ਮਿਊਜ਼ੀਅਮ ਵਿਚ ਖੁਲ੍ਹੇ ਦਾਖ਼ਲੇ ਤੋਂ ਇਲਾਵਾ ਸਰਕਾਰ ਨੇ ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਰੇਲਵੇ ਸਟੇਸ਼ਨਾਂ ਤੋਂ 22 ਦਸੰਬਰ ਨੂੰ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਹਰੇਕ ਰੇਲ ਗੱਡੀ ਵਿਚ 1500 ਦੇ ਕਰੀਬ ਸ਼ਰਧਾਲੂ ਜਾਣਗੇ। ਇਨ੍ਹਾਂ ਵਿਚ ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਡਾਕਟਰਾਂ ਅਤੇ ਫ਼ਾਰਮਾਸਿਸਟ ਵੀ ਹੋਣਗੇ ਜੋ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨਗੇ। ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪਟਨਾ ਸਾਹਿਬ ਸਟੇਸ਼ਨ ਤੋਂ ਪਟਨਾ ਸਾਹਿਬ ਗੁਰਦੁਆਰਾ ਵਿਖੇ ਸ਼ਰਧਾਲੂਆਂ

 ਨੂੰ ਲਿਜਾਣ ਲਈ ਪ੍ਰਬੰਧ ਕੀਤੇ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਬੁਲਾਰੇ ਨੇ ਅੱਗੇ ਦਸਿਆ ਕਿ ਪੰਜਾਬ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਲਈ ਸਾਰੇ ਪ੍ਰਬੰਧ ਕਰਨ ਦੇ ਵਾਸਤੇ ਪਟਨਾ ਸਾਹਿਬ ਵਿਖੇ ਇਕ ਅਗਾਊਂ ਪਾਰਟੀ ਭੇਜ ਦਿਤੀ ਹੈ। ਪੰਜਾਬ ਵਿਚ ਮੁੱਖ ਸਮਾਰੋਹ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਦੌਰਾਨ ਭਾਈ ਬਲਦੀਪ ਸਿੰਘ (ਕਲਾਸੀਕਲ ਗੁਰਬਾਣੀ ਦੇ ਕੀਰਤਨੀਏ) ਅਪਣੀ ਪੇਸ਼ਕਾਰੀ ਕਰਨਗੇ। ਉਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਗੁਰਦਾਸ ਮਾਨ, ਉੱਘੇ ਸਿੱਖ ਸਕੋਲਰ ਅਤੇ ਸੰਗੀਤਕਾਰ ਡਾਕਟਰ ਗੁਰਨਾਮ ਸਿੰਘ ਅਤੇ ਪੰਜਾਬੀ ਕਵੀ ਸੁਰਜੀਤ ਪਾਤਰ ਵੀ ਅਪਣੀ ਪੇਸ਼ਕਾਰੀ ਕਰਨਗੇ। ਦੇਸ ਰਾਜ ਅਤੇ ਪਾਰਟੀ ਰਾਗੀ ਢਾਡੀ ਜੱਥਾ ਤੋਂ ਬਾਅਦ ਡਾਕਟਰ ਨਿਵੇਦਤਾ ਸਿੰਘ ਗੁਰਮਤ ਸੰਗੀਤ ਦੀ ਅਤੇ ਰਾਜਨ-ਸਾਜਨ ਮਿਸ਼ਰਾ ਅਪਣੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਇਸ ਮੌਕੇ ਹੋਰ ਵੀ ਕਈ ਪੇਸ਼ਕਾਰੀਆਂ ਹੋਣਗੀਆਂ। ਸਿੱਖ ਸਕਾਲਰ ਭਾਈ ਅਸ਼ੋਕ ਸਿੰਘ ਬਾਗੜੀਆ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਪ੍ਰੋਫ਼ੈਸਰ ਇੰਦੂ ਬੰਗਾ ਅਪਣਾ ਭਾਸ਼ਨ ਦੇਣਗੇ।  ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਖ਼ੁਦ ਜਾਇਜ਼ਾ ਲੈਣ ਲਈ ਆਖਿਆ ਹੈ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਵੀ ਪਹੁੰਚਣ ਦੀ ਉਮੀਦ ਹੈ। ਬੁਲਾਰੇ ਅਨੁਸਾਰ ਇਸ ਮੌਕੇ ਨੁਮਾਇਸ਼ ਵੀ ਲਾਈ ਜਾਵੇਗੀ। 

ਜਾਇਜ਼ਾ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਸਥਾਨਿਕ ਸੰਸਥਾਵਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਆਦਿ ਮੌਜੂਦ ਸਨ। ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਜਨਰਲ ਆਫ ਪੁਲਿਸ ਸੁਰੇਸ਼ ਅਰੋੜਾ, ਡੀ.ਜੀ.ਪੀ. (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ, ਸਕੱਤਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਗੁਨੀਤ ਕੌਰ ਤੇਜ ਸ਼ਾਮਲ ਸਨ।