ਅੰਮ੍ਰਿਤਸਰ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਲੋਕਾਂ ਦੀਆਂ ਜੇਬਾਂ 'ਤੇ ਸਿੱਧਾ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਨਾ ਨੀਯਤ ਅਤੇ ਨਾ ਹੀ ਨੀਤੀ ਚੰਗੀ ਹੈ। ਉਨ੍ਹਾਂ ਸਰਕਾਰ ਪ੍ਰਤੀ ਲੋਕਾਂ ਦਾ ਮੋਹ ਤੇਜ਼ੀ ਨਾਲ ਭੰਗ ਹੋ ਰਿਹਾ ਹੈ, ਦਾ ਜ਼ਿਕਰ ਕਰਦਿਆਂ ਅਕਾਲੀ ਵਰਕਰਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਹੁਣ ਤੋਂ ਹੀ ਕਮਰਕਸਾ ਕਰ ਲੈਣ ਲਈ ਕਿਹਾ।
ਮਜੀਠੀਆ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੀ ਨਵੀਂ ਬਾਡੀ ਪ੍ਰਤੀ ਵਿਚਾਰਾਂ ਕਰਨ ਲਈ ਸੀਨੀਅਰ ਆਗੂਆਂ ਦੀ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਲੈ ਕੇ ਅਕਾਲੀ ਆਗੂਆਂ 'ਤੇ ਝੂਠਾ ਦੋਸ਼ ਲਾਇਆ ਜਾਂਦਾ ਰਿਹਾ ਅਤੇ ਵਿਰੋਧੀ ਧਿਰ ਦਾ ਨੇਤਾ ਅਤੇ ਅਰਵਿੰਦ ਕੇਜਰੀਵਾਲ ਦਾ ਚਹੇਤਾ ਸੁਖਪਾਲ ਸਿੰਘ ਖਹਿਰਾ ਨਸ਼ਿਆਂ ਦੇ ਮਾਮਲੇ 'ਚ ਅਦਾਲਤ ਵਲੋਂ ਦੋਸ਼ੀ ਮੰਨਦਿਆਂ ਜਾਰੀ ਵਾਰੰਟ ਤੋਂ ਭਜ ਰਿਹਾ ਹੈ। ਕਾਂਗਰਸ ਦੇ ਲਾਰਿਆਂ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ।