ਚੰਡੀਗੜ੍ਹ, 22 ਅਕਤੂਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ 10 ਲੱਖ 25 ਹਜ਼ਾਰ ਕਿਸਾਨਾਂ ਲਈ ਸਿੱਧੇ ਤੌਰ 'ਤੇ ਲਾਹੇਵੰਦ ਸਿੱਧ ਹੋਣ ਵਾਲੀ ਸਰਕਾਰ ਦੀ 9500 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫ਼ੀ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ ਹੈ।
ਸੂਬਾ ਸਰਕਾਰ ਵਿਰੁਧ ਝੂਠੇ ਅਤੇ ਨਿਰਆਧਾਰ ਦੋਸ਼ ਲਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਅਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਤੇ ਹੋਰ ਵਰਗਾਂ ਲਈ ਇਕ ਵੀ ਕਦਮ ਚੁੱਕਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਜਦਕਿ ਹੁਣ ਕਾਂਗਰਸ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਨਿੰਦਿਆਂ ਜਾ ਰਿਹਾ ਹੈ।
ਇਸ ਸਾਲ ਦੇ ਜੂਨ ਮਹੀਨੇ ਵਿਚ ਵਿਧਾਨ ਸਭਾ 'ਚ ਅਪਣੀ ਸਰਕਾਰ ਵਲੋਂ ਖੇਤੀ ਕਰਜ਼ਾ ਮੁਆਫ਼ੀ ਸਕੀਮ ਦੇ ਕੀਤੇ ਐਲਾਨ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਨੇ ਤਾਂ ਵਿਧਾਨ ਸਭਾ ਦੇ ਇਸ ਇਜਲਾਸ ਵਿਚ ਇਸੇ ਸਮੇਂ ਦੌਰਾਨ ਚਿਹਰਾ ਵੀ ਨਹੀਂ ਵਿਖਾਇਆ।