ਕਿਸਾਨ ਖ਼ੁਦਕੁਸ਼ੀ ਪੀੜਿਤ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਮੁਆਵਜ਼ਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਸਦੀਕੀਕਰਨ ਨੂੰ ਗਤੀਸ਼ੀਲ ਬਣਾਉਂਦੀਆਂ ਰਾਜ ਪੱਧਰੀ ਕਮੇਟੀ ਨੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਕਮੇਟੀ ਵੱਲੋਂ ਸਾਲ 2013-14 ਤੋਂ ਲੰਬਿਤ ਪਏ 92 ਕੇਸਾਂ ਦਾ ਨਿਪਟਾਰਾ ਕਰਦਿਆਂ ਖੁਦਕੁਸ਼ੀ ਪੀੜਤ ਪਰਿਵਾਰਾਂ ਲਈ 260 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹਨਾਂ ਪਰਿਵਾਰਾਂ ਵਿੱਚ ਮਾਨਸਾ ਜ਼ਿਲ੍ਹੇ ਦੇ 19 ਉਹ ਪਰਿਵਾਰ ਵੀ ਸ਼ਾਮਿਲ ਹਨ ਜਿੰਨਾਂ ਦੇ ਮੁਖੀ ਜਾਂ ਹੋਰ ਪਰਿਵਾਰਕ ਮੈਂਬਰ ਖੁਦਕੁਸ਼ੀ ਕਰ ਗਏ ਸਨ ਤੇ ਉਹਨਾਂ ਦੇ ਕੇਸ ਨੂੰ ਮੁਆਵਜ਼ੇ ਦੇ ਯੋਗ ਪਾਇਆ ਗਿਆ ਹੈ। 

ਸਰਕਾਰ ਵੱਲੋਂ ਜ਼ਿਲ੍ਹੇ ਦੇ ਇਹਨਾਂ 19 ਪੀੜਤ ਪਰਿਵਾਰਾਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦੀ ਤਜਵੀਜ਼ ਹੈ। ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜਲਦੀ ਹੀ ਸਰਕਾਰ ਵੱਲੋਂ ਐਲਾਨ ਕੀਤੀ ਮੁਆਵਜ਼ੇ ਰਾਸ਼ੀ ਇਹਨਾਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਹਰ ਮਹੀਨੇ ਦੀ ਪੰਜ ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਖੁਦਕੁਸ਼ੀ ਪੀੜਤ ਆਪਣੀ ਦਰਖ਼ਾਸਤ ਦੇ ਸਕਦੇ ਹਨ।