ਕਿਸਾਨਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ : ਕੈਪਟਨ

ਖ਼ਬਰਾਂ, ਪੰਜਾਬ

ਨਕੋਦਰ/ਜਲੰਧਰ, 14 ਮਾਰਚ (ਪ੍ਰਦੀਪ ਬਸਰਾ, ਸੁਦੇਸ਼) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੀਤੇ ਜਾ ਰਹੇ ਕੋਝੇ ਯਤਨਾਂ ਲਈ ਅਕਾਲੀਆਂ 'ਤੇ ਵਰ੍ਹਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਅਪਣੇ ਚੋਣ ਮਨੋਰਥ ਪੱਤਰ ਵਿਚ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਖੇਤੀਬਾੜੀ ਲਈ ਮੁਫ਼ਤ ਬਿਜਲੀ ਨੂੰ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।ਸੂਬੇ ਦੇ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਜੇ ਪੜਾਅ ਤਹਿਤ ਅੱਜ ਇਥੇ ਦਾਣਾ ਮੰਡੀ ਵਿਖੇ 29,192 ਕਿਸਾਨਾਂ ਨੂੰ 162.16 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫ਼ੀਕੇਟਾਂ ਦੀ ਵੰਡ ਲਈ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਅੱਜ ਦੇ ਸਮਾਗਮ ਵਿਚ ਜਲੰਧਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਯੋਗ ਕਿਸਾਨ ਨੂੰ ਕਰਜ਼ਾ ਮੁਆਫੀ ਦੇ ਸਰਟੀਫ਼ੀਕੇਟ ਦਿਤੇ ਗਏ।ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਜਦੋਂ ਤੋਂ ਕਾਂਗਰਸ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਸ ਸਮੇਂ ਤੋਂ ਲੈ ਕੇ ਖ਼ੁਦਕੁਸ਼ੀਆਂ ਘਟੀਆਂ ਹਨ ਅਤੇ ਸੂਬੇ ਦੀ ਸਥਿਤੀ ਵਿਚ ਵੱਡਾ ਸੁਧਾਰ ਹੋਇਆ ਹੈ ਜਿਸ ਦੇ ਤੱਥ ਸਰਕਾਰ ਵਲੋਂ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿਚ ਪੇਸ਼ ਕੀਤੇ ਜਾਣਗੇ।  ਟਿਊਬਵੈਲਾਂ 'ਤੇ ਮੀਟਰ ਲਾਉਣ ਦੇ ਮੁੱਦੇ 'ਤੇ ਅਕਾਲੀਆਂ  ਵਲੋਂ ਉਨ੍ਹਾਂ ਦੀ ਸਰਕਾਰ ਵਿਰੁਧ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਝੂਠ ਬੋਲਣ 'ਤੇ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦੇ ਕਿਸੇ ਵੀ ਪ੍ਰਸਤਾਵ ਨੂੰ ਰੱਦ ਕਰ ਦਿਤਾ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ 13.5 ਲੱਖ ਟਿਊਬਵੈਲਾਂ ਵਿਚੋਂ ਸਿਰਫ 900 ਟਿਊਬਵੈਲਾਂ 'ਤੇ ਮੀਟਰ ਲਾਏ ਜਾਣੇ ਹਨ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ ਖੋਜ ਪ੍ਰਾਜੈਕਟ ਦੇ ਹਿੱਸੇ ਤਹਿਤ ਕੀਤਾ ਜਾਣਾ ਹੈ। ਕਰਜ਼ਾ ਮੁਆਫ਼ੀ ਪ੍ਰਕਿਰਿਆ ਜਾਰੀ ਹੋਣ ਬਾਰੇ ਸਪੱਸ਼ਟ ਕਰਦਿਆਂ ਉਨ੍ਹਾਂ ਦਸਿਆ ਕਿ ਤੀਜੇ ਗੇੜ ਵਿਚ 50 ਹਜ਼ਾਰ ਕਿਸਾਨਾਂ ਨੂੰ ਮਾਝੇ ਵਿਚ ਕਰਜ਼ਾ ਮੁਆਫ਼ੀ ਦੇ ਸਰਟੀਫ਼ੀਕੇਟ ਦਿਤੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਿਸਾਨ ਪੱਖੀ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਤੁਲਨਾ ਸਰ ਛੋਟੂ ਰਾਮ ਨਾਲ ਤੁਲਨਾ ਕੀਤੀ, ਜਿਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਕਾਫੀ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੂੰ 'ਦੂਜੇ ਛੋਟੂ ਰਾਮ' ਦੱਸਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਡੀਆਂ ਵਿਚੋਂ ਫ਼ਸਲਾਂ ਦੀ ਚੁਕਾਈ ਯਕੀਨੀ ਬਣਾਉਣ ਅਤੇ ਸਾਰੇ ਚੋਣ ਵਾਅਦੇ ਲਾਗੂ ਕਰਨ ਦੀ ਪ੍ਰਕਿਰਿਆ ਵਿੱਢਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ, ਜੋ ਕਿ ਸੂਬੇ ਦੀ ਮੰਦੀ ਵਿੱਤੀ ਹਾਲਤ ਕਾਰਨ ਸੌਖਾ ਕੰਮ ਨਹੀਂ ਹੈ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਕਾਲੀਆਂ 'ਤੇ ਆਪਣਾ ਸਾਮਰਾਜ ਖੜਾ ਕਰਨ ਲਈ ਪੰਜਾਬ ਨੂੰ ਲੁੱਟਣ ਅਤੇ ਸੂਬੇ ਦੀ ਖੇਤੀਬਾੜੀ ਅਤੇ ਸਨਅਤ ਨੂੰ ਤਬਾਹ ਕਰਨ ਲਈ ਕਰੜੇ ਹੱਥੀਂ ਲਿਆ।