ਨੌਕਰੀ ਮੇਲੇ ਵਿਚ 737 ਉਮੀਦਵਾਰਾਂ ਦੀ ਚੋਣ

ਖ਼ਬਰਾਂ, ਪੰਜਾਬ

ਤਰਨਤਾਰਨ,  28 ਫ਼ਰਵਰੀ (ਚਰਨਜੀਤ ਸਿੰਘ) : ਗੁਰੂ ਨਾਨਕ ਦੇਵ ਯੂਨੀਵਰਸਟੀ ਕਾਲਜ, ਪਿੰਡ ਚੂੰਘ ਵਿਖੇ ਕਰਵਾਏ ਗਏ ਜ਼ਿਲ੍ਹਾ ਪਧਰੀ ਰੁਜ਼ਗਾਰ ਮੇਲੇ 'ਚ ਪੁੱਜੇ ਉਮੀਦਵਾਰਾਂ 2618 ਵਿਚੋਂ ਅੱਜ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਲੋਂ ਜ਼ਿਲ੍ਹੇ ਦੇ 737 ਉਮੀਦਵਾਰਾਂ ਨੂੰ ਨੌਕਰੀ ਦੇਣ ਲਈ ਚੁਣਿਆ ਗਿਆ। ਮੇਲੇ ਦੀ ਸ਼ੁਰੂਆਤ ਮੁੱਖ ਮਹਿਮਾਨ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸ਼ਮਾ ਰੌਸ਼ਨ ਕਰ ਕੇ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੋ. ਰਾਕੇਸ਼ ਕੁਮਾਰ, ਐਸ.ਡੀ.ਐਮ. ਪੱਟੀ ਸੁਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ  ਜਗਜੀਤ ਸਿੰਘ ਬੱਲ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਦਿਲਬਾਗ ਸਿੰਘ ਹਾਜ਼ਰ ਸਨ। ਮੇਲੇ ਵਿਚ ਨੌਜਵਾਨਾਂ ਨੂੰ ਨੌਕਰੀ ਦੇਣ ਲਈ 14 ਪ੍ਰਾਈਵੇਟ ਕੰਪਨੀਆਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਏ ਜਾ ਰਹੇ ਨੌਕਰੀਆਂ ਮੇਲਿਆਂ ਦਾ ਮੁੱਖ ਮਕਸਦ ਹਰ ਘਰ ਵਿਚ ਰੁਜ਼ਗਾਰ ਦੇਣਾ ਹੈ।

 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ''ਹਰ ਘਰ ਨੌਕਰੀ'' ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਅਜਿਹੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ।  ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ  ਪਹਿਲੇ ਗੇੜ ਵਿਚ ਲਾਏ ਰੁਜ਼ਗਾਰ ਮੇਲਿਆਂ ਵਿਚ 27,500 ਨੌਜਵਾਨਾਂ ਨੂੰ ਰੁਜ਼ਗਾਰ ਦਿਤਾ ਸੀ। ਉਨ੍ਹਾਂ ਕਿਹਾ ਕਿ ਦੂਜੇ ਗੇੜ ਵਿਚ ਰਾਜ ਭਰ ਵਿਚ 50 ਥਾਵਾਂ 'ਤੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫ਼ੈਸਟੋ ਵਿਚ ਜੋ 'ਘਰ-ਘਰ ਨੌਕਰੀ ਦੇਣ' ਦਾ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਜਿਹੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਆਤਮ ਨਿਰਭਰ ਬਣਾਇਆ ਜਾਵੇਗਾ।