ਨਿਆਂ ਦੀ ਪ੍ਰਕਿਰਿਆ ਵਿਚ ਅੜਿੱਕਾ ਪਾ ਰਹੇ ਹਨ ਬਡੂੰਗਰ: ਕੈਪਟਨ ਅਮਰਿੰਦਰ ਸਿੰਘ

ਖ਼ਬਰਾਂ, ਪੰਜਾਬ



ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਿਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ 'ਤੇ ਸੂਬੇ ਵਿਚ ਧਾਰਮਕ ਬੇਅਦਬੀ ਦੇ ਕੇਸਾਂ ਦੀ ਜਾਂਚ ਕਰੇ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਕੇ ਨਿਆਂ ਪ੍ਰਕਿਰਿਆ ਵਿਚ ਅੜਿੱਕਾ ਪਾਉਣ ਦਾ ਦੋਸ਼ ਲਾਇਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਲਈ ਬਣਾਏ ਕਮਿਸ਼ਨ ਅੱਗੇ ਪੇਸ਼ ਹੋਣ ਦੀ ਥਾਂ ਬਡੂੰਗਰ ਜਾਂਚ ਵਿਚ ਸਹਿਯੋਗ ਦੇਣ ਤੋਂ ਇਨਕਾਰ ਕਰ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਬੇਅਦਬੀ ਦੇ ਸਬੰਧ ਵਿਚ ਪਰਦਾ ਪਾਉਣ ਦੇ ਅਨੈਤਿਕ ਇਰਾਦੇ ਸਾਹਮਣੇ ਆ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਮਿਸ਼ਨ ਦੀ ਕਾਰਵਾਈ ਵਿਚ ਸਰਕਾਰ ਦੀ ਦਖ਼ਲਅਦਾਜ਼ੀ ਦੇ ਹੱਕ ਵਿਚ ਨਹੀਂ ਹਨ ਪਰ ਉਹ ਹਰ ਕੀਮਤ 'ਤੇ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਿੱਖ ਅਧਿਕਾਰਾਂ ਅਤੇ ਕਲਿਆਣ ਦੀ ਸੁਰੱਖਿਆ ਲਈ ਇਹ ਧਾਰਮਕ ਸੰਸਥਾ ਜ਼ਿੰਮੇਵਾਰ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਵਿਰੁਧ ਆਵਾਜ਼ ਉਠਾਉਣੀ ਚਾਹੀਦੀ ਹੈ। ਅਸਲ ਵਿਚ ਕਈ ਘਟਨਾਵਾਂ ਗੁਰਦੁਅਰਿਆਂ ਵਿਚ ਵਾਪਰੀਆਂ ਜਿਨ੍ਹਾਂ ਦਾ ਪ੍ਰਬੰਧ ਅਤੇ ਕੰਟਰੋਲ ਇਸ ਦੇ ਹੇਠ ਹੈ ਜਿਸ ਕਰ ਕੇ ਇਸ ਨੂੰ ਇਸ ਵਿਰੁਧ ਆਵਾਜ਼ ਉਠਾਉਣੀ ਚਾਹੀਦੀ ਸੀ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅਪ੍ਰੈਲ ਵਿਚ ਕੀਤਾ ਗਿਆ ਸੀ ਜਿਸ ਦਾ ਉਦੇਸ਼ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨਾ ਹੈ।

ਨਵੀਂ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਵਲੋਂ ਬਣਾਏ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਵਿਸ਼ਾਲ ਨਾ ਹੋਣ ਕਾਰਨ ਰੱਦ ਕਰ ਕੇ ਇਹ ਨਵਾਂ ਕਮਿਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਸੀ।