ਚੰਡੀਗੜ੍ਹ, 10 ਨਵੰਬਰ (ਜੀ.ਸੀ. ਭਾਰਦਵਾਜ) : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਰਸਮੀ ਤੌਰ 'ਤੇ ਦੇਸ਼ ਦੇ ਪਹਿਲੇ ਫ਼ੌਜੀ ਸਾਹਿਤ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੇਸ਼ ਦੀਆਂ ਹਥਿਆਰਬੰਦ ਫ਼ੌਜਾਂ ਨੂੰ ਇਕ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਦੇਸ਼
ਦੇ ਲਈ ਵੱਖੋ-ਵੱਖ ਅਹਿਮ ਮੌਕਿਆਂ 'ਤੇ ਮਹੱਤਵਪੂਰਨ ਯੋਗਦਾਨ ਪਾਇਆ ਹੈ।ਪ੍ਰੈੱਸ ਕਾਨਫ਼ਰੰਸ ਦੌਰਾਨ ਸ. ਸਿੱਧੂ ਨੇ ਅਪਣੀ ਤਰ੍ਹਾਂ ਦੇ ਨਿਵੇਕਲੇ ਇਸ ਫੈਸਟੀਵਲ ਦਾ ਹਿੱਸਾ ਬਣਨ ਉਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸ਼ਾਨਦਾਰ ਪਹਿਲ ਦਾ ਸਿਹਰਾ ਦਿਤਾ। ਇਹ ਫ਼ੌਜੀ ਸਾਹਿਤ ਮੇਲਾ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਜਾਵੇਗਾ ਜਿਸ ਦਾ ਮਕਸਦ ਲੋਕਾਂ ਵਿਚ ਫ਼ੌਜੀ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।