ਪੰਜਾਬ ਭਰ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਪਟਿਆਲਾ 'ਚ ਨਾਕਾਬੰਦੀ

ਖ਼ਬਰਾਂ, ਪੰਜਾਬ



ਪਟਿਆਲਾ, 19 ਸਤੰਬਰ (ਪਰਮਿੰਦਰ ਸਿੰਘ ਰਾਏਪੁਰ) : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੋਤੀ ਮਹਿਲ ਦੇ ਘਿਰਾਉ ਦੇ ਐਲਾਨ ਤੋਂ ਬਾਅਦ ਪਟਿਆਲਾ ਸ਼ਹਿਰ ਨੂੰ ਆਉਂਦੇ ਸਾਰੇ ਰਸਤੇ ਪੁਲਿਸ ਛਾਉਣੀਆਂ ਵਿਚ ਤਬਦੀਲ ਹੋ ਗਏ ਹਨ। ਕਿਸਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਨੇੜੇ ਵੀ ਫਟਕਣ ਤੋਂ ਰੋਕਣ ਲਈ ਮੋਰਚਾਬੰਦੀ ਕਰ ਦਿਤੀ ਗਈ ਹੈ।  ਸ਼ਹਿਰ ਨੂੰ ਆਉਣ ਵਾਲੇ ਸਾਰੇ ਰਸਤਿਆਂ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਬੀਤੇ ਦਿਨ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵਲੋਂ ਪਟਿਆਲਾ ਦਾ ਦੌਰਾ ਕਰ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਸੀ। ਡੀਜੀਪੀ ਪੰਜਾਬ ਵਲੋਂ ਪੁਲਿਸ ਅਧਿਕਾਰੀਆਂ ਨੂੰ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਬਰਕਰਾਰ ਰਖਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੌਰੇ ਦੌਰਾਨ ਇਹ ਵੀ ਸਪਸ਼ਟ ਕੀਤਾ ਸੀ ਕਿ ਸ਼ਹਿਰ ਵਿਚ ਦਫ਼ਾ 144 ਲਾਗੂ ਹੈ ਤੇ ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੇ ਧਰਨਾ ਤੇ ਮੁਜ਼ਾਹਰਾ ਨਹੀਂ ਹੋਣ ਦਿਤਾ ਜਾਵੇਗਾ।  ਇਸ ਧਰਨੇ ਨੂੰ ਰੋਕਣ ਲਈ ਪੰਜਾਬ ਭਰ 'ਚ ਕੋਈ 200 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ।

ਮੁੱਖ ਮੰਤਰੀ ਦੇ ਸ਼ਹਿਰ ਵਿਚ ਅਮਨ ਦੀ ਸਥਿਤੀ ਬਣਾਏ ਰੱਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪਟਿਆਲਾ ਦੇ ਨਾਲ-ਨਾਲ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿਚੋਂ 600 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।