ਪਾਕਿਸਤਾਨ ਵੱਲੋਂ ਕੀਤੀ ਗਈ ਗੋਲ਼ੀਬਾਰੀ ਵਿੱਚ ਸ਼ਹੀਦ ਹੋਏ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 12 ਲੁੱਖ ਰੁਪਏ ਦੀ ਮਦਦ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਡਾ. ਰਾਜ ਕੁਮਾਰ ਵੇਰਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਤਨੀ ਨੂੰ ਪੰਜ ਲੱਖ, ਪਰਿਵਾਰ ਨੂੰ ਦੋ ਲੱਖ ਤੇ ਮਕਾਨ ਲਈ ਪੰਜ ਲੱਖ ਰੁਪਏ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ 34 ਸਾਲਾ ਗੁਰਮੇਲ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਲਕਡ਼ੇ ਨਾਲ ਸਬੰਧਤ ਸੀ। ਲੰਘੇ ਦਿੰਨ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਕੰਟਰੋਲ ਰੇਖਾ ਨਾਲ ਭਾਰਤੀ ਫ਼ੌਜ ਦੀ ਗਸ਼ਤੀ ਟੁਕਡ਼ੀ ਉਤੇ ਪਾਕਿਸਤਾਨੀ ਬਲਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਮੇਜਰ ਸਮੇਤ ਚਾਰ ਜਵਾਨ ਹਲਾਕ ਹੋ ਗਏ ਹਨ। ਇਨ੍ਹਾਂ ਵਿੱਚੋਂ ਲਾਂਸ ਨਾਇਕ ਗੁਰਮੇਲ ਸਿੰਘ ਤੇ ਕੁਲਦੀਪ ਸਿੰਘ ਪੰਜਾਬ ਤੋਂ ਹਨ।
ਪੰਜਾਬ ਦੇ ਜਵਾਨਾਂ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਮਾਰੇ ਗਏ ਲਾਂਸ ਨਾਇਕ ਗੁਰਮੇਲ ਸਿੰਘ ਤੇ ਲਾਂਸ ਨਾਇਕ ਕੁਲਦੀਪ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ ਤੇ ਕਿਹਾ ਹੈ ਕਿ ਇਨ੍ਹਾਂ ਜਵਾਨਾਂ ਦੀ ਇਸ ਸ਼ਹਾਦਤ ਲਈ ਮੁਲਕ ਉਨ੍ਹਾਂ ਦਾ ਸਦਾ ਅਹਿਸਾਨਮੰਦ ਰਹੇਗਾ। ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।