ਰੁਜ਼ਗਾਰ ਮੇਲੇ ਦੇ ਨਾਂਅ 'ਤੇ ਨੌਜਵਾਨਾਂ ਨਾਲ ਹੋਇਆ ਭੱਦਾ ਮਜ਼ਾਕ : ਮਜੀਠੀਆ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, 1 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ 'ਤੇ ਹੋ ਰਹੀ ਅਕਾਲੀ ਕਾਨਫ਼ਰੰਸ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਜਿਸ ਵਿਚ ਨੌਜਵਾਨ ਵੱਡੀ ਗਿਣਤੀ 'ਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਮੈਂਬਰ ਲੋਕ ਸਭਾ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਖਡੂਰ ਸਾਹਿਬ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਅਕਾਲੀ ਆਗੂਆਂ ਦੀ ਮੀਟਿੰਗ ਉਪਰੰਤ ਕੀਤਾ।
ਸ. ਮਜੀਠੀਆ ਤੇ ਬ੍ਰਹਮਪੁਰਾ ਨੇ ਕਿਹਾ ਕਿ ਘਰ ਘਰ ਨੌਕਰੀਆਂ ਦੇਣ ਦਾ ਲਾਰਾ ਲਾ ਕੇ ਹੋਂਦ ਵਿਚ ਆਈ ਕਾਂਗਰਸ ਸਰਕਾਰ ਨੇ ਰੁਜ਼ਗਾਰ ਮੇਲੇ ਦੇ ਨਾਮ 'ਤੇ ਨੌਜਵਾਨ ਵਰਗ ਨਾਲ ਸੱਭ ਤੋਂ ਵੱਡਾ ਅਤੇ ਭੱਦਾ ਮਜ਼ਾਕ ਕੀਤਾ ਹੈ। ਇਨ੍ਹਾਂ ਨਿਜੀ ਕੰਪਨੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ ਉਸ ਨਾਲ ਹਕੂਮਤ ਦਾ ਕੋਈ ਲੈਣਾ ਦੇਣਾ ਨਹੀਂ। ਉਹ ਕੰਪਨੀਆਂ ਪਹਿਲਾਂ ਹੀ ਅਪਣੇ ਪੱਧਰ 'ਤੇ ਪਲੇਸਮੈਂਟ ਦੀ ਵਿਵਸਥਾ ਕਰ ਰਹੀਆਂ ਹਨ। ਨੌਜਵਾਨ ਵਰਗ ਕਿਸਾਨਾਂ ਵਾਂਗ ਅਪਣੇ ਆਪ ਨੂੰ ਕਾਂਗਰਸ ਹੱਥੋਂ ਠੱਗੇ ਗਏ ਮਹਿਸੂਸ ਕਰ ਰਿਹਾ ਹੈ। ਪਾਰਟੀ ਨਾਲ ਜੁੜੇ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਪਾਰਟੀ ਹਮੇਸ਼ਾ ਅਪਣੇ ਜੁਝਾਰੂ ਵਰਕਰਾਂ ਨਾਲ ਚਟਾਨ ਵਾਂਗ ਖੜੀ ਹੈ। ਕਾਂਗਰਸ ਦੇ ਰਾਜ ਵਿਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿਸ ਨੂੰ ਕੰਟਰੋਲ ਕਰਨਾ ਕਾਂਗਰਸ ਸਰਕਾਰ ਦੇ ਵਸ ਤੋਂ ਬਾਹਰ ਦੀ ਗੱਲ ਹੁੰਦੀ ਜਾ ਰਹੀ ਹੈ।
ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਬੋਨੀ ਅਮਰਪਾਲ ਸਿੰਘ ਅਜਨਾਲਾ, ਵਿਰਸਾ ਸਿੰਘ ਵਲਟੋਹਾ, ਮਲਕੀਤ ਸਿੰਘ ਏ ਆਰ, ਡਾ: ਦਲਬੀਰ ਸਿੰਘ ਵੇਰਕਾ, ਮੰਗਵਿੰਦਰ ਸਿੰਘ ਖਾਪੜਖੇੜੀ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿਕਾ, ਤਲਬੀਰ ਸਿੰਘ ਗਿੱਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।