ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੇ ਮੁੱਦੇ ਨੂੰ ਆਪਣੇ ਪ੍ਰਮੁੱਖ ਏਜੰਡੇ ਵਿਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਕੋਈ ਸ਼ਿਕਾਇਤ ਹੈ ਤਾਂ ਉਹ ਟੋਲ ਫ੍ਰੀ ਨੰਬਰ 1800-1800-1000 'ਤੇ ਨੰਬਰ ਡਾਇਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਮੁੱਖ ਮੰਤਰੀ ਨੇ ਆਪਣੀ ਫੇਸਬੁੱਕ 'ਤੇ ਲਿਖਿਆ ਹੈ ਕਿ ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਨਹੀਂ ਦੇਖ ਸਕਦੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਜੀਲੈਂਸ ਬਿਊਰੋ ਨੂੰ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਖਾਸ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ 132 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਸਰਕਾਰੀ ਦਫਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਖਿਲਾਫ 4017 ਸ਼ਿਕਾਇਤਾਂ ਦਾ ਨਿਬੇੜਾ ਵੀ ਕੀਤਾ ਗਿਆ ਹੈ। ਸਰਕਾਰੀ ਦਫਤਰਾਂ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਲੋਕਾਂ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਲੋਕਾਂ ਨੂੰ ਬਿਨਾਂ ਝਿਜਕ ਟੋਲ ਫ੍ਰੀ ਨੰਬਰ 'ਤੇ ਉਸ ਦੀ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਸਮਾਜ 'ਤੇ ਕਲੰਕ ਹੈ ਤੇ ਇਸ ਨੂੰ ਦੂਰ ਕਰਨ ਲਈ ਲੋਕਾਂ ਨੂੰ ਆਪਣਾ ਸਹਿਯੋਗ ਦੇਣ ਦੀ ਲੋੜ ਹੈ।