ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, 23 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸਿੱਖ ਕੌਮ ਦੇ ਦੋ ਅਹਿਮ ਧਾਰਮਕ ਅਸਥਾਨਾਂ ਸ੍ਰੀ ਅੰਮਿਤਸਰ ਸਾਹਿਬ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਹਵਾਈ ਸੇਵਾ ਦੀ ਸ਼ੁਰੂਆਤ ਏਅਰ ਇੰਡੀਆ ਵਲੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕਰ ਦਿਤੀ ਹੈ। ਇਸ ਸੇਵਾ ਦੀ ਆਰੰਭਤਾ ਮੌਕੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਅੱਜ ਹਵਾਈ ਸੇਵਾ ਸ਼ੁਰੂ ਹੋਣ 

ਨਾਲ ਸਿੱਖ ਸੰਗਤਾਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੀਆਂ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਏਅਰ ਇੰਡੀਆ ਦਾ ਇਸ ਹਵਾਈ ਸੇਵਾ ਲਈ ਧਨਵਾਦ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਵੀ ਹਵਾਈ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾਵੇ।