ਸ੍ਰੀ ਗੁਰੂ ਗੋਬਿੰਦ ਸਿੰਘ ਐਡਵਾਂਸਡ ਸਟੱਡੀਜ਼ ਸੈਂਟਰ ਦੀ ਸਥਾਪਨਾ ਲਈ ਦਿਤੇ ਜਾਣਗੇ ਸੱਤ ਕਰੋੜ

ਖ਼ਬਰਾਂ, ਪੰਜਾਬ

ਪਟਿਆਲਾ, 23 ਦਸੰਬਰ (ਬਲਵਿੰਦਰ ਸਿੰਘ ਭੁੱਲਰ, ਜਸਬੀਰ ਮੁਲਤਾਨੀ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਲਈ ਅਪਣੇ ਪੂਰੇ ਪਰਵਾਰ ਦੀ ਕੁਰਬਾਨੀ ਦੇ ਦਿਤੀ ਅਤੇ ਜਾਤ ਪਾਤ ਤੋਂ ਉਪਰ ਉਠ ਕੇ ਇਕ ਅਜਿਹੇ ਸਮਾਜ ਦੀ ਉਸਾਰੀ ਕੀਤੀ ਜਿਥੇ ਛੂਤ-ਛਾਤ ਤੋਂ ਦੂਰ ਹਰ ਕੋਈ ਇਕ ਸਮਾਨ ਅਧਿਕਾਰ ਰੱਖਦਾ ਹੈ। ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਸੇਨੇਟ ਹਾਲ ਵਿਚ 'ਸ੍ਰੀ ਗੁਰੂ ਗੋਬਿੰਦ ਸਿੰਘ ਸ਼ਾਂਤੀ ਅਤੇ ਆਜ਼ਾਦੀ ਦੇ ਰਾਖੇ' ਵਿਸ਼ੇ ਬਾਰੇ ਪੰਜਾਬ ਸਰਕਾਰ ਵਲੋਂ ਕਰਵਾਏ ਸੈਮੀਨਾਰ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬੀ ਯੂਨੀਵਰਸਟੀ ਦੇ ਧਰਮ ਅਧਿਐਨ ਵਿਭਾਗ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਐਡਵਾਂਸਡ ਸਟੱਡੀਜ਼ ਸੇਂਟਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਵਲੋਂ ਸੱਤ ਕਰੋੜ ਰੂਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਵਿਚ ਵੱਖੋ ਵਖਰੇ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਇਨ੍ਹਾਂ ਵਿਚ ਸੂਬਾ ਪਧਰੀ ਸਮਾਗਮ 24 ਦਸੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ਰੱਖਿਆ ਹੈ, ਜਿਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣ ਜਾ ਰਹੇ ਹਨ ।ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਲੜਿਆ ਹਰ ਯੁੱਧ ਸ਼ਾਂਤੀ ਦੀ ਸਥਾਪਨਾ ਲਈ ਸੀ ਅਤੇ ਉਨ੍ਹਾਂ ਨੇ ਜਦੋਂ ਵੀ ਕੋਈ ਤੀਰ ਚਲਾਇਆ ਤਾਂ ਇਸ ਗੱਲ ਦਾ ਖਿਆਲ ਵੀ ਰੱਖਿਆ ਕਿ ਮਰਨ ਵਾਲੇ 

ਵਿਅਕਤੀ ਦੇ ਅੰਤਮ ਸੰਸਕਾਰ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਤੀਰ ਉਤੇ ਘੱਟ ਤੋਂ ਘੱਟ ਐਨਾ ਸੋਨਾ ਲੱਗਾ ਹੁੰਦਾ ਸੀ ਕਿ ਪਰਵਾਰ ਨੂੰ ਕਰਜ਼ ਨਾ ਲੈਣਾ ਪਵੇ। ਇਸ ਦੇ ਨਾਲ ਹੀ ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਭਵਨ ਦੇ ਉਦਘਾਟਨ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨਾਲ ਯੂਨੀਵਰਸਟੀ ਵਿਖੇ ਆਏ ਸਨ।ਸੈਮੀਨਾਰ ਵਿਚ ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ ਅਤੇ ਅਨੁਸੂਚਿਤ ਜਾਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਦੁਨੀਆਂ ਵਿਚ ਅਪਣਾ ਰਾਜ ਬਚਾਉਣ ਲਈ ਕਈ ਲੋਕਾਂ ਨੇ ਕੁਰਬਾਨੀਆਂ ਦਿਤੀਆਂ ਹਨ ਪਰ ਸ੍ਰੀ ਗੁਰੂ ਗੋਬਿੰਦ ਜੀ ਨੇ ਮਨੁੱਖਤਾ ਦੇ ਭਲੇ ਲਈ ਹੀ ਅਪਣੇ ਸਾਰੇ ਪਰਵਾਰ ਦਾ ਬਲੀਦਾਨ ਦੇ ਕੇ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰੋ. ਰਤਨ ਸਿੰਘ ਜੱਗੀ ਵਲੋਂ 'ਸ੍ਰੀ ਗੁਰੂ ਗ੍ਰੰਥ ਸਾਹਿਬ' ਦੇ ਹਿੰਦੀ ਭਾਸ਼ਾ ਵਿਚ ਕੀਤੇ ਟੀਕੇ ਦੀ ਪੁਸਤਕ ਨੂੰ ਵੀ  ਜਾਰੀ ਕੀਤਾ। ਜਦਕਿ ਭਾਈ ਵੀਰ ਸਿੰਘ ਸਾਹਿਤ ਸਦਨ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਸੈਮੀਨਾਰ ਨੇ ਮੁੱਖ ਬੁਲਾਰੇ ਸਨ। ਇਸ ਮੌਕੇ ਵਾਇਸ ਚਾਂਸਲਰ ਡਾ. ਬੀ.ਐਸ ਘੁੰਮਣ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ, ਡਾ. ਇੰਦਰਜੀਤ ਸਿੰਘ ਨੇ ਵੀ ਅਪਣੇ ਵਿਚਾਰ ਰੱਖੇ।