ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਮੁੱਢੋਂ ਰੱਦ

ਖ਼ਬਰਾਂ, ਪੰਜਾਬ

ਪਟਿਆਲਾ, 30 ਸਤੰਬਰ (ਜਗਤਾਰ ਸਿੰਘ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸੱਦੀ ਗਈ ਹੰਗਾਮੀ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਦੇ ਕਠਪੁਤਲੀ ਕਮਿਸ਼ਨ ਜਸਟਿਸ ਰਣਜੀਤ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਰੀਕਾਰਡ ਲੈ ਕੇ ਹਾਜ਼ਰ ਹੋਣ ਲਈ ਭੇਜੀਆਂ ਪੱਤ੍ਰਿਕਾਵਾਂ ਦੀ ਪੁਰਜ਼ੋਰ ਨਿੰਦਾ ਦਾ ਮਤਾ ਪਾਸ ਕਰਦਿਆਂ ਇਸ ਕਮਿਸ਼ਨ ਨੂੰ ਮੁੱਢੋਂ ਹੀ ਰੱਦ ਕਰ ਦਿਤਾ ਗਿਆ।
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਅੱਜ ਹੋਈ ਇਸ ਇਕੱਤਰਤਾ ਵਿਚ ਕਮਿਸ਼ਨ ਵਲੋਂ ਭੇਜੀਆਂ ਪੱਤ੍ਰਿਕਾਵਾਂ ਨੂੰ ਘੋਖਣ ਤੇ ਦੀਰਘ ਵਿਚਾਰਾਂ ਕਰਨ ਉਪਰੰਤ ਕਮਿਸ਼ਨ ਦੀ ਕਾਰਵਾਈ ਨੂੰ ਅਕਾਲ ਤਖ਼ਤ ਦੀ ਸਰਵਉਚਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਣ ਮਰਆਦਾ ਵਿਰੁਧ ਸਿੱਧਾ ਚੈਲੰਜ ਕਰਾਰ ਦਿਤਾ। ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਕੀਤੀ ਗਈ ਕਾਰਵਾਈ ਸਿੱਖ ਸੰਸਥਾਵਾਂ ਦੀ ਮਾਣ ਮਰਆਦਾ ਵਿਰੁਧ ਹੈ। ਇਸ ਲਈ ਅੰਤ੍ਰਿੰਗ ਕਮੇਟੀ ਇਸ ਕਮਿਸ਼ਨ ਦੀ ਮਾਨਤਾ ਨੂੰ ਮੁੱਢੋਂ ਹੀ ਰੱਦ ਕਰਦੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਅਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਸਿੱਖ ਸੰਸਥਾਵਾਂ ਨੂੰ ਨੋਟਿਸ ਜਾਰੀ ਕਰਨੇ ਬਰਦਾਸ਼ਤ ਨਹੀਂ।
ਪ੍ਰੋ: ਬਡੂੰਗਰ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਅਕਤੀਗਤ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਸਿੱਖ ਕੌਮ, ਸਿੱਖ ਸਿਧਾਂਤਾਂ, ਸਿੱਖ ਸੰਸਥਾਵਾਂ ਅਤੇ ਸਿੱਖ ਮਰਿਆਦਾ ਨੂੰ ਸਿੱਧੀ ਚੁਨੌਤੀ ਹਨ।
ਉਨ੍ਹਾਂ ਕਿਹਾ ਕਿ ਕਾਂਗਰਸੀ ਸੋਚ ਦੇ ਧਾਰਨੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਾਹੀਂ ਸਿੱਖ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਦਾਚਿਤ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਕਿ ਅਜਿਹੀਆਂ ਘਟੀਆ ਕਾਰਵਾਈਆਂ ਨੂੰ ਤੁਰਤ ਬੰਦ ਕਰੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਸਿਹਤਯਾਬ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਨਿਰਮਲ ਸਿੰਘ ਹਰਿਆਓ ਆਦਿ ਹਾਜ਼ਰ ਸਨ।