ਕੈਨੇਡਾ ਵਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ : ਟਰੂਡੋ
ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਕੋਲ ਵੱਖਵਾਦ ਦਾ ਮੁੱਦਾ ਉਠਾਇਆ
ਅੰਮ੍ਰਿਤਸਰ, 21 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਸਮੇਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁਲਕ ਭਾਰਤ ਜਾਂ ਕਿਸੇ ਹੋਰ ਖ਼ਿੱਤੇ ਵਿੱਚ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ। ਟਰੂਡੋ ਨੇ ਇਹ ਭਰੋਸਾ ਉਸ ਵੇਲੇ ਦਿਵਾਇਆ ਜਦ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਕੁੱਝ ਅਨਸਰਾਂ ਦੁਆਰਾ ਵੱਖਵਾਦੀ ਅਤੇ ਨਫ਼ਰਤੀ ਅਪਰਾਧ ਵਿਰੁਧ ਹਮਲਾ ਬੋਲਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ। ਇਨ੍ਹਾਂ ਅਨਸਰਾਂ ਦੀ ਕੈਨੇਡਾ ਦੀ ਆਬਾਦੀ ਵਿਚ ਬਹੁਤ ਥੋੜੀ ਗਿਣਤੀ ਹੈ। ਕਿਊਬੈਕ ਵਿਚ ਵੱਖਵਾਦੀ ਲਹਿਰ ਦਾ ਹਵਾਲਾ ਦਿੰਦਿਆਂ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਅਪਣੇ ਜੀਵਨ ਦੌਰਾਨ ਅਜਿਹੀਆਂ ਚੁਨੌਤੀਆਂ ਨਾਲ ਨਜਿਠਦਿਆਂ ਇਨ੍ਹਾਂ ਦਾ ਖ਼ਾਤਮਾ ਕੀਤਾ ਹੈ। ਉਹ ਹਿੰਸਾ ਦੇ ਖ਼ਤਰਿਆਂ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਹਮੇਸ਼ਾ ਹੀ ਅਪਣੀ ਸਾਰੀ ਸ਼ਕਤੀ ਨਾਲ ਨੁਕਰੇ ਲਾਇਆ ਹੈ। ਦੋਹਾਂ ਆਗੂਆਂ ਵਿਚਕਾਰ 40 ਮਿੰਟ ਦੀ ਲੰਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਵਿਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਸ੍ਰੀ ਟਰੂਡੋ ਨੂੰ ਸੌਂਪੀ ਜੋ ਕਥਿਤ ਤੌਰ 'ਤੇ ਪੰਜਾਬ ਵਿਚ ਨਫ਼ਰਤੀ ਅਪਰਾਧਾਂ ਵਿਚ ਸ਼ਾਮਲ ਅਤੇ ਅਤਿਵਾਦੀ ਕਾਰਵਾਈਆਂ ਲਈ ਵਿੱਤ ਅਤੇ ਹਥਿਆਰਾਂ ਦੀ ਸਪਲਾਈ ਨਾਲ ਮਦਦ ਕਰਦੇ ਹਨ। ਇਹ ਇਥੋਂ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ। ਇਸ ਮੌਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ 'ਚ ਮੁੱਖ ਮੰਤਰੀ ਕੈਪਟਨ ਨੇ ਪੰਜਾਬ ਵਿਚ ਮਿੱਥ ਕੇ ਹਤਿਆਵਾਂ ਕਰਨ ਵਿਚ ਇੰਡੋ-ਕੈਨੇਡੀਅਨ ਦੇ ਸ਼ਾਮਲ ਹੋਣ ਦਾ ਮੁੱਦਾ ਉਠਾਇਆ। ਕੈਪਟਨ ਨੇ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਕਰਨ।
ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਕੈਪਟਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉੱਚ ਅਧਿਕਾਰੀ ਮੌਜੂਦ ਸਨ। ਉਚੇਰੀ ਸਿਖਿਆ ਦੇ ਖੇਤਰ ਵਿਚ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਹੋਰ ਸਿਖਿਆ ਸੰਸਥਾਵਾਂ ਨਾਲ ਸਮਝੌਤੇ ਸਹੀਬੰਦ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦਾ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਸਸਕੈਚਵੈਨ ਯੂਨੀਵਰਸਿਟੀ ਨਾਲ ਕੀਤੇ ਸਮਝੌਤੇ 'ਤੇ ਅਮਲ ਨਾ ਹੋਣ 'ਤੇ ਵੀ ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਦਾਲਾਂ, ਮੱਕੀ ਅਤੇ ਪਸ਼ੂਧਨ ਦੇ ਖੇਤਰਾਂ ਵਿਚ ਵਿਗਿਆਨਕ ਖੋਜ ਅਤੇ ਤਕਨਾਲੋਜੀ ਦੇ ਰੂਪ ਵਿਚ ਆਪਸੀ ਸਹਿਯੋਗ ਦਾ ਸੁਝਾਅ ਦਿਤਾ। ਉਨ੍ਹਾਂ ਨੇ ਹੁਨਰ ਵਿਕਾਸ ਵਿਚ ਨਿਵੇਸ਼ ਦਾ ਸੱਦਾ ਦਿੰਦਿਆਂ ਸੁਝਾਅ ਦਿਤਾ ਕਿ ਕੈਨੇਡਾ ਵਲੋਂ ਪੰਜਾਬ ਦੀ ਹੁਨਰ ਵਿਕਾਸ ਯੂਨੀਵਰਸਿਟੀ 'ਚ ਅਪਣੇ ਕਾਰੋਬਾਰ ਜਾਂ ਯੂਨੀਵਰਸਿਟੀ ਰਾਹੀਂ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ 'ਤੇ ਵਿਚਾਰ ਕੀਤੀ ਜਾ ਸਕਦੀ ਹੈ। ਕੈਨੇਡਾ ਸਿਖਿਅਤ ਪੰਜਾਬੀ ਨੌਜਵਾਨਾਂ ਦੇ ਕੈਨੇਡਾ ਵਿਚ ਆਵਾਸ ਨੂੰ ਹੁਲਾਰਾ ਦੇਣ ਲਈ ਸਹਾਇਤਾ ਦੇ ਸਕਦਾ ਹੈ। ਮੁੱਖ ਮੰਤਰੀ ਕੈਪਟਨ ਨੇ ਸੂਬਾ ਸਰਕਾਰ ਦੇ 'ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਦਾ ਜ਼ਿਕਰ ਵੀ ਕੀਤਾ ਜਿਸ ਨਾਲ ਕੈਨੇਡਾ ਵਿਚ ਰਹਿੰਦੇ ਪੰਜਾਬੀਆਂ ਦੇ ਬੱਚਿਆਂ ਨੂੰ ਪੰਜਾਬ ਦੀ ਝਲਕ ਪਾਉਣ ਦਾ ਮੌਕਾ ਹਾਸਲ ਹੋਵੇਗਾ। ਮੁੱਖ ਮੰਤਰੀ ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਕੈਨੇਡਾ ਸਰਕਾਰ ਵਲੋਂ ਇਸ ਪ੍ਰੋਗਰਾਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਟਰੂਡੋ ਅਤੇ ਸੱਜਣ ਨੇ ਮੁੱਖ ਮੰਤਰੀ ਕੋਲ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਹਿਮਤੀ ਪ੍ਰਗਟਾਈ ਕਿ ਇਹ ਕਦਮ ਨਵੀਂ ਪੀੜ੍ਹੀ ਲਈ ਮਦਦਗਾਰ ਸਾਬਤ ਹੋਵੇਗਾ ਜੋ ਪਹਿਲਾਂ ਕਦੇ ਵੀ ਭਾਰਤ ਨਹੀਂ ਆਈ।