ਵੋਟਰ ਨੂੰ ਘਰ ਤੋਂ ਬੂਥ ਤਕ ਲਿਜਾਣ ਵਾਲੀ ਕੜੀ ਨੂੰ ਮਜ਼ਬੂਤ ਕਰੇਗੀ ਪਾਰਟੀ : ਭਗਵੰਤ ਮਾਨ

ਖ਼ਬਰਾਂ, ਪੰਜਾਬ

ਚੰਡੀਗੜ੍ਹ, 12 ਜਨਵਰੀ (ਸ.ਸ.ਸ.) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਬੈਠਕ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਚ ਹੋਈ। ਬੈਠਕ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ ਉਪ ਨੇਤਾ ਬੀਬੀ ਸਰਬਜੀਤ ਕੌਰ ਸਮੇਤ ਪਾਰਟੀ ਦੇ ਵਿਧਾਇਕ, ਜਿਲਾ ਪ੍ਰਧਾਨਾਂ ਅਤੇ ਸੂਬਾ ਪੱਧਰੀ ਆਗੂਆਂ ਨੇ ਹਿੱਸਾ ਲਿਆ। 'ਆਪ' ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਬੈਠਕ ਵਿਚ ਹਾਜ਼ਰ ਸਮੁੱਚੀ ਲੀਡਰਸ਼ਿਪ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਉਣ 'ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਦਸਿਆ ਕਿ ਮੁਨੀਸ਼ ਸਿਸੋਦੀਆ ਛੇਤੀ ਹੀ ਪੰਜਾਬ ਦੇ ਵਿਧਾਇਕਾਂ, ਸੂਬਾਈ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਨ-ਟੂ-ਵਨ ਫ਼ੀਡਬੈਕ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ। ਇਸ ਮੌਕੇ ਹਾਜ਼ਰ ਸਮੁੱਚੀ ਲੀਡਰਸ਼ਿਪ ਵਲੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਸਵ. ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਦੁਖ ਜਤਾਉਂਦਿਆਂ 2 ਮਿੰਟ ਦਾ ਮੌਨ ਰੱਖ ਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।