Italy News: ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Italy News: ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ।

Baba Deep Singh ji Casalmorano Italy Nagar Kirtan

ਮਿਲਾਨ (ਦਲਜੀਤ ਮੱਕੜ) ਇਟਲੀ ਦੀਆਂ ਸੰਗਤਾਂ ਦੁਆਰਾ  ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਮਨਾਉਂਦਿਆ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।  ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।

ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਸਿੱਖੀ ਪ੍ਰਪੰਰਾਵਾਂ ਤਹਿਤ ਰਵਾਨਾ ਹੋਇਆ। ਆਰੰਭਤਾ ਮੌਕੇ ਸੰਗਤਾਂ ਦੁਆਰਾ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ। ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ।

ਸੰਗਤਾਂ ਦੁਆਰਾ ਸਾਰੇ ਰਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਵੱਡੇ ਇਕੱਠ ਵਿੱਚ ਪਹੁੰਚੀ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆ ਨਾਲ ਅਸਮਾਨ ਗੂੰਜਣ ਲਾ ਦਿੱਤਾ। ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਵਿੱਚ ਕਾਜਲਮੋਰਾਨੋ ਦੇ ਇਟਾਲੀਅਨ ਪ੍ਰਸ਼ਾਸ਼ਨ ਨੇ ਵੀ ਸ਼ਮੂਲੀਅਤ ਕੀਤੀ।

ਕਾਜੇਲਮੋਰਾਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨਾਂ ਵਿੱਚ ਇਟਲੀ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਸਤਨਾਮ ਸਿੰਘ ਸਰਹਾਲੀ ਵਾਲੇ ਅਤੇ ਸਾਥੀਆ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਸੇਵਾ ਸੰਭਾਲ (ਪੰਚ ਪ੍ਰਧਾਨੀ) ਦੇ ਸੇਵਾਦਾਰਾਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆ ਨੇ ਵੀ ਸ਼ਿਰਕਤ ਕੀਤੀ। ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ  ਅਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੀ ਪ੍ਰਬੰਧਕ ਸੇਵਾਦਾਰਾਂ ਅਤੇ ਜੱਥੇਦਾਰ ਭਾਈ ਪ੍ਰਗਟ ਸਿੰਘ ਖਾਲਸਾ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।