15 ਦਿਨ ਵਿਚ 13 ਵਾਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਅੱਜ ਫਿਰ ਹੋਇਆ 80 ਪੈਸੇ ਦਾ ਵਾਧਾ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਹੁਣ ਤੱਕ 9.40 ਰੁਪਏ ਵੱਧ ਚੁੱਕਿਆ ਹੈ ਭਾਅ 

Petrol Price hike

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੰਗਲਵਾਰ ਨੂੰ ਫਿਰ ਤੋਂ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਕੁੱਲ 9.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ 103.81 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 104.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 95.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸ ਤਰ੍ਹਾਂ ਹੀ ਮੁੰਬਈ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 119.67 ਰੁਪਏ (84 ਪੈਸੇ ਦੇ ਵਾਧੇ ਨਾਲ) ਅਤੇ 103.92 ਰੁਪਏ (85 ਪੈਸੇ ਦੇ ਵਾਧੇ ਨਾਲ) ਪ੍ਰਤੀ ਲੀਟਰ ਹੋ ਗਈਆਂ ਹਨ। ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ।

ਕਰੀਬ ਸਾਢੇ ਚਾਰ ਮਹੀਨੇ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਉਸ ਤੋਂ ਬਾਅਦ 15 ਦਿਨਾਂ ਵਿਚ 13ਵੀਂ ਵਾਰ ਕੀਮਤ ਵਧਾਈ ਗਈ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ 9.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।