ਅਕਾਲੀ ਦਲ ਟਕਸਾਲੀ ਵਲੋਂ 21 ਨੂੰ ਠੱਠੀਆਂ ਮਹੰਤਾਂ ਵਿਖੇ ਵਿਸ਼ਾਲ ਕਾਨਫ਼ਰੰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਰਵੀਇੰਦਰ ਸਿੰਘ ਕਰਨਗੇ ਸੰਬੋਧਨ

Photo

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਸ. ਮਨਮੋਹਨ ਸਿੰਘ ਸੱਠਿਆਲਾ, ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਗੁਰਪ੍ਰੀਤ ਸਿੰਘ ਕਲਕੱਤਾ, ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਨੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 21 ਫ਼ਰਵਰੀ ਦਿਨ ਸ਼ੁਕਰਵਾਰ ਸਵੇਰੇ 11 ਵਜੇ ਸਤਿਕਾਰ ਪੈਲੇਸ, ਠੱਠੀਆਂ ਮਹੰਤਾਂ ਵਿਖੇ ਇਕ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ।

ਇਸ ਕਾਨਫ਼ਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸੰਬੋਧਨ ਕਰਨਗੇ ਅਤੇ ਕਾਨਫਰੰਸਾਂ ਦਾ ਸਿਲਸਿਲਾ ਸਾਰੇ ਪੰਜਾਬ ਵਿਚ ਇਸੇ ਤਰ੍ਹਾਂ ਜਾਰੀ ਰਹੇਗਾ।

ਇਨ੍ਹਾਂ ਕਾਨਫ਼ਰੰਸਾਂ ਦਾ ਰੱਖਣ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਣਾ, ਸ਼੍ਰੋਮਣੀ ਕਮੇਟੀ ਅਤੇ ਇਸ ਦੇ ਅਧੀਨ ਚਲ ਰਹੀਆਂ ਸਿੱਖ ਸੰਸਥਾਵਾਂ ਨੂੰ ਸਿਆਸੀ ਗਲਬੇ ਤੋਂ ਮੁਕਤ ਕਰਵਾਉਣਾ, ਸ਼੍ਰੋਮਣੀ ਅਕਾਲੀ ਦਲ ਵਿਚ ਜ਼ਮਹੂਰੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਯਤਨਸ਼ੀਲ ਹੋਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣਾ ਹੈ।

ਬਰਗਾੜੀ ਅਤੇ ਬਹਿਬਲ ਕਲਾਂ ਦੇ ਖ਼ੂਨੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਆਦਿ ਲਈ ਪ੍ਰੋਗਰਾਮਾਂ ਨੂੰ ਚਲਾਉਣਾ, ਲੋਕਾਂ 'ਚ ਇਹ ਵੀ ਚਰਚਾ ਹੈ ਕਿ ਇਹ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਨੂੰ ਨਵਾ ਰੂਪ ਦੇ ਕੇ ਜਾਣ ਉਮੀਦ ਹੈ । ਗੁਰਪ੍ਰੀਤ ਸਿੰਘ ਕੱਲਕੱਤਾ ਨੇ ਦਾਅਵਾ ਕੀਤਾ ਕਿ  ਇਹ ਕਾਨਫ਼ਰੰਸ ਬੇਮਿਸਾਲ ਹੋਵੇਗੀ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਟਰੈਕਟਰ, ਟਰਾਲੀਆਂ, ਬਸਾਂ, ਕਾਰਾਂ, ਸਕੂਟਰਾਂ ਆਦਿ ਵਿਚ ਪੁੱਜਣ ਦੀ ਅਪੀਲ ਵੀ ਕੀਤੀ।