ਵਿਸ਼ੇਸ਼ ਟ੍ਰੇਨ ’ਚ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸ੍ਰੀ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਚੱਲੇਗੀ ਵਿਸ਼ੇਸ਼ ਰੇਲ

Special train will run from Sri Nankana Sahib to Karachi

ਲਾਹੌਰ: ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਵਿਸ਼ੇਸ਼ ਰੇਲ ਗੱਡੀ ਚਲਾਈ ਗਈ ਹੈ। ਇਹ ਤਸਵੀਰਾਂ ਉਸੇ ਰੇਲ ਗੱਡੀ ਦੀਆਂ ਹਨ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਗਿਆ ਹੈ। ਦਰਅਸਲ ਪਾਕਿਸਤਾਨ ਸਰਕਾਰ ਵੱਲੋਂ ਇਸ ਰੇਲ ਗੱਡੀ ਵਿਚ ਇਕ ਡੱਬਾ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿਚੋਂ ਸੀਟਾਂ ਨੂੰ ਹਟਾ ਕੇ ਖ਼ੂਬਸੂਰਤ ਕਾਲੀਨ ਵਿਛਾਇਆ ਗਿਆ ਹੈ।

ਇਹੀ ਨਹੀਂ ਗੱਡੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਜੋਤੀ ਜੋਤਿ ਸਮਾਉਣ ਵਾਲੀ ਥਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਨਵੰਬਰ ਦੇ ਪਹਿਲੇ ਹਫ਼ਤੇ ਸਿੱਖਾਂ ਦਾ ਪਹਿਲਾ ਜਥਾ ਪਾਕਿਸਤਾਨ ਜਾਏਗਾ। ਜਾਣਕਾਰੀ ਅਨੁਸਾਰ ਇਹ ਰੇਲ ਗੱਡੀ ਸ੍ਰੀ ਨਨਕਾਣਾ ਸਾਹਿਬ ਤੋਂ ਸਵੇਰੇ ਦਸ ਵਜੇ ਕਰਾਚੀ ਲਈ ਰਵਾਨਾ ਹੋਵੇਗੀ ਅਤੇ ਸ਼ੋਰਕੋਟ ਛਾਉਣੀ, ਖਾਨੇਵਾਲ, ਰੋਹੜੀ, ਨਵਾਬ ਸ਼ਾਹ, ਸ਼ਹਿਦਾਦਪੁਰ, ਹੈਦਰਾਬਾਦ ਤੇ ਕਰਾਚੀ ਛਾਉਣੀ ਦੇ ਰਸਤੇ ਹੁੰਦੀ ਹੋਈ ਸਵੇਰੇ 11:50 ਵਜੇ ਕਰਾਚੀ ਪੁੱਜੇਗੀ।

ਬੀਤੇ ਦਿਨ ਪਹਿਲੀ ਵਾਰ ਸ੍ਰੀ ਨਨਕਾਣਾ ਸਾਹਿਬ ਪੁੱਜਣ ’ਤੇ ਇਸ ਵਿਸ਼ੇਸ਼ ਟ੍ਰੇਨ ਦਾ ਸਿੱਖਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬਲੋਚਿਸਤਾਨ ਅਤੇ ਸਿੰਧ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਇਸ ਟ੍ਰੇਨ ਰਾਹੀਂ ਸ੍ਰੀ ਨਨਕਾਣਾ ਸਾਹਿਬ ਪੁੱਜੀ। ਇਸ ਮੌਕੇ ਜਿੱਥੇ ਅਰਦਾਸ ਕੀਤੀ ਗਈ, ਉਥੇ ਹੀ ਸਿੱਖ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਨਾਅਰੇ ਵੀ ਲਗਾਏ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿਚ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਵਿਸ਼ਵ ਭਰ ਦੀ ਸਿੱਖ ਸੰਗਤ ਵਿਚ ਇਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।