ਸਿਹਤ ਕਾਮਿਆਂ ਦੀ ਪੂਰੀ ਹਿਫ਼ਾਜ਼ਤ ਕੀਤੀ ਜਾਵੇ : ਕੇਂਦਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਰਾਜਾਂ ਨੂੰ ਸੁਰੱਖਿਆ ਵਾਸਤੇ ਨੋਡਲ ਅਧਿਕਾਰੀ ਨਿਯੁਕਤ

file photo

ਨਵੀਂ ਦਿੱਲੀ, 22 ਅਪ੍ਰੈਲ : ਕੇਂਦਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਡਾਕਟਰਾਂ ਤੇ ਅੱਗੇ ਹੋ ਕੇ ਕੋਰੋਨਾ ਵਿਰੁਧ ਲੜਾਈ ਲੜ ਰਹੇ ਸਿਹਤ ਕਾਮਿਆਂ ਨੂੰ ਸੁਰੱਖਿਆ ਮੁਹਈਆ ਕਰਾਉਣ ਲਈ ਆਖਿਆ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਲੋਕਾਂ ਦੇ ਗ਼ਲਤ ਵਿਹਾਰ ਦੀਆਂ ਕੁੱਝ ਘਟਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਕੁੱਝ ਥਾਈਂ ਲਾਗ ਕਾਰਨ ਮਰੇ ਡਾਕਟਰਾਂ ਦਾ ਸਸਕਾਰ ਕਰਨ ਤੋਂ ਵੀ ਰੋਕਿਆ ਗਿਆ। ਚਿੱਠੀ ਵਿਚ ਕਿਹਾ ਗਿਆ ਹੈ, 'ਅਜਿਹੇ ਮਾਮਲਿਆਂ ਵਿਚ ਲੋੜੀਂਦੀ ਸੁਰੱਖਿਆ ਮੁਹਈਆ ਕਰਾਈ ਜਾਣੀ ਚਾਹੀਦੀ ਹੈ ਅਤੇ ਕੋਰੋਨਾ ਵਾਇਰਸ ਨਾਲ ਲੜਦਿਆਂ ਅਪਣੀ ਜਾਨ ਗਵਾਉਣ ਵਾਲੇ ਡਾਕਟਰਾਂ ਤੇ ਹੋਰ ਸਿਹਤ ਕਾਮਿਆਂ ਦੇ ਅੰਤਮ ਸਸਕਾਰ ਵਿਚ ਅੜਿੱਕੇ ਪਾਉਣ ਵਾਲੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।'

ਭੱਲਾ ਨੇ ਕਿਹਾ ਕਿ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨਾਂ ਨੂੰ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਪੱਧਰ 'ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕਰਨ ਲਈ ਕਿਹਾ ਜਾਂਦਾ ਹੈ। ਇਹ ਅਧਿਕਾਰੀ ਡਾਕਟਰਾਂ ਦੇ ਕੰਮਕਾਜ 'ਤੇ ਸੁਰੱਖਿਆ ਸਬੰਧੀ ਕਿਸੇ ਵੀ ਮਸਲੇ ਦੇ ਹੱਲ ਲਈ 24 ਘੰਟੇ ਉਪਲਭਧ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਿੰਸਾ ਦੀ ਕਿਸੇ ਵੀ ਘਟਨਾ ਦੀ ਹਾਲਤ ਵਿਚ ਤੁਰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। (ਏਜੰਸੀ)