ਬਾਦਲ ਤੇ ਸਿੰਗਲਾ ਵਲੋਂ ਮੁੰਬਈ ਵਸਦੇ ਪੰਜਾਬੀਆਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ

Manpreet Badal and Vijay Inder Singla invite Punjabi community to attend Guru Nanak Dev Ji's 550th Prakash Purb celebrations

ਮੁੰਬਈ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਉਲੀਕੇ ਸਮਾਗਮਾਂ ਲਈ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਤਰ ਦੇਣ ਲਈ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮੁੰਬਈ ਵਿਖੇ ਬਾਦਲ ਤੇ ਸਿੰਗਲਾ ਪੰਜਾਬੀ ਭਾਈਚਾਰੇ ਤੇ ਸਿੱਖ ਸੰਗਤ ਨਾਲ ਕਰਵਾਏ ਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਹੱਕ-ਸੱਚ ਤੇ ਨਿਮਾਣਿਆਂ ਲਈ ਖੜ੍ਹਨ ਅਤੇ ਜ਼ਬਰ ਜੁਲਮ ਖ਼ਿਲਾਫ਼ ਲੜਨ ਲਈ ਹਮੇਸ਼ਾ ਸੇਧਿਤ ਕਰਦਾ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪ੍ਰਕਾਸ਼ ਦਿਹਾੜੇ ਦੇ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ’ਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਾਡੇ ਲਈ ਸਭ ਤੋਂ ਵੱਡਾ ਤੋਹਫਾ ਲੈ ਕੇ ਆ ਰਿਹਾ ਹੈ ਕਿਉਂਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਜਿਸ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵੱਲੋਂ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਤੋਂ 12 ਨਵੰਬਰ ਤੱਕ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾ ਰਹੇ ਉੱਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਹੋਰ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਜਾ ਰਹੇ ਹਨ।

ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 71 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ। ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।

ਸਿੰਗਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਭਾਈਚਾਰਾ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਵਿਚਾਲੇ ਬਹੁਤ ਗੂੜ੍ਹੀ ਸਾਂਝ ਹੈ।

ਭਗਤ ਨਾਮਦੇਵ ਜੀ ਜੋ ਮਹਾਰਾਸ਼ਟਰ ਨਾਲ ਸਬੰਧਤ ਸਨ, ਉਨ੍ਹਾਂ ਨੇ ਕਾਫ਼ੀ ਸਮਾਂ ਪੰਜਾਬ ਦੇ ਪਿੰਡ ਘੁਮਾਣ ਵਿਖੇ ਬਿਤਾਇਆ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ਿੰਦਗੀ ਦਾ ਆਖ਼ਰੀ ਸਮਾਂ ਨਾਂਦੇੜ ਸਾਹਿਬ ਵਿਖੇ ਬਿਤਾਇਆ। ਸਾਲ 2008 ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਨਾਂਦੇੜ ਸਾਹਿਬ ਵਿਖੇ 300 ਸਾਲਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ ਸੀ ਤਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੂਰੇ ਸ਼ਹਿਰ ਦੀ ਕਾਇਆ ਕਲਪ ਕਰਵਾ ਦਿੱਤੀ ਸੀ।
ਇਸ ਮੌਕੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ, ਰਾਜੇਸ਼ ਧੀਮਾਨ, ਅਵਨੀਤ ਕੌਰ ਤੋਂ ਇਲਾਵਾ ਰਘੂਬੀਰ ਸਿੰਘ ਗਿੱਲ, ਮਿਹਰ ਸਿੰਘ ਰੰਧਾਵਾ, ਅਦਾਕਾਰ ਬਿੰਦੂ ਦਾਰਾ ਸਿੰਘ, ਦਲਜੀਤ ਸਿੰਘ ਸੇਠੀ, ਕੁਲਵੰਤ ਸਿੰਘ ਸਣੇ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਹਾਜ਼ਰ ਸੀ।