Hardeep Singh Nijjar: ਕੈਨੇਡਾ 'ਚ ਨਿੱਝਰ ਕਤਲ ਕਾਂਡ 'ਚ ਜਲਦ ਹੀ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਸੰਭਵ: ਰਿਪੋਰਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਜੂਨ 'ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Hardeep Singh Nijjar

- ਕੈਨੇਡੀਅਨ ਪੁਲਿਸ ਛੇਤੀ ਹੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਜਿਨ੍ਹਾਂ 'ਤੇ ਜੂਨ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰਨ ਦਾ ਸ਼ੱਕ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਜੇ ਦੇਸ਼ 'ਚ ਹੀ ਹਨ। ਇਹ ਜਾਣਕਾਰੀ ਇਕ ਮੀਡੀਆ ਖ਼ਬਰ 'ਚ ਦਿੱਤੀ ਗਈ। ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਜੂਨ 'ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

'ਦ ਗਲੋਬ ਐਂਡ ਮੇਲ' ਅਖ਼ਬਾਰ ਮੁਤਾਬਕ ਫਿਲਹਾਲ ਪੁਲਿਸ ਸ਼ੱਕੀਆਂ 'ਤੇ ਨਜ਼ਰ ਰੱਖ ਰਹੀ ਹੈ ਅਤੇ ਸੰਭਵ ਹੈ ਕਿ ਉਹ ''ਕੁਝ ਹਫ਼ਤਿਆਂ ਦੇ ਅੰਦਰ'' ਫੜੇ ਜਾਣਗੇ।    
ਅਖ਼ਬਾਰ ਨੇ ਤਿੰਨ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਸ਼ੱਕੀ ਕਾਤਲਾਂ ਨੇ ਕੈਨੇਡਾ ਨਹੀਂ ਛੱਡਿਆ ਅਤੇ ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਸੀ।   

ਸਤੰਬਰ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਸੀ।  
ਭਾਰਤ ਨੇ 2020 ਵਿਚ ਨਿੱਝਰ ਨੂੰ ਅਤਿਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਿਪੋਰਟ 'ਚ ਬੁੱਧਵਾਰ ਨੂੰ ਕਿਹਾ ਗਿਆ ਹੈ ਕਿ ਰਸਮੀ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਪੁਲਿਸ ਕਾਤਲਾਂ ਦੀ ਕਥਿਤ ਸ਼ਮੂਲੀਅਤ ਅਤੇ ਭਾਰਤ ਸਰਕਾਰ ਨਾਲ ਉਨ੍ਹਾਂ ਦੇ ਸਬੰਧਾਂ ਦਾ ਖੁਲਾਸਾ ਕਰੇਗੀ। 'ਗਲੋਬਲ ਨਿਊਜ਼' ਨੇ ਬੀਸੀ ਗੁਰਦੁਆਰਾ ਕੌਂਸਲ ਦੇ ਬੁਲਾਰੇ ਮੋਨਿੰਦਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ "ਜਿਵੇਂ ਕਿ ਕਿਹਾ ਜਾ ਰਿਹਾ ਹੈ ਕਿ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਭਾਈਚਾਰੇ ਦੇ ਲੋਕ ਸੁੱਖ ਦਾ ਸਾਹ ਲੈਣਗੇ।" 

ਖਬਰਾਂ ਅਨੁਸਾਰ ਜਾਂਚ ਟੀਮ ਨੇ ਕਿਹਾ ਕਿ ਨਿੱਝਰ ਕਤਲ ਕੇਸ ਵਿਚ ਗ੍ਰਿਫ਼ਤਾਰੀ ਸਬੰਧੀ ਮੀਡੀਆ ਵਿਚ ਆਈਆਂ ਰਿਪੋਰਟਾਂ ਤੋਂ ਉਹ ਜਾਣੂ ਹਨ, ਪਰ ਉਹ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕਰੇਗੀ ਕਿਉਂਕਿ ਜਾਂਚ ਜਾਰੀ ਹੈ। ਖਬਰਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਅਮਰੀਕਾ ਨੇ ਨਵੰਬਰ ਵਿਚ ਆਪਣੇ ਦੋਸ਼ਾਂ ਵਿਚ ਇਕ ਕੈਨੇਡੀਅਨ-ਅਮਰੀਕੀ ਸਿੱਖ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਦੀ ਰੂਪ ਰੇਖਾ ਵੀ ਉਲੀਕੀ ਸੀ।  

ਅਮਰੀਕੀ ਸੰਘੀ ਵਕੀਲਾਂ ਨੇ ਨਵੰਬਰ ਵਿਚ ਦੋਸ਼ ਲਾਇਆ ਸੀ ਕਿ ਨਿਖਿਲ ਗੁਪਤਾ ਨਾਂ ਦਾ ਵਿਅਕਤੀ ਇੱਕ ਭਾਰਤੀ ਮੁਲਾਜ਼ਮ ਨਾਲ ਮਿਲ ਕੇ ਗਰਮਖਿਆਲੀ ਸਮਰਥਕ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ। ਹਾਲਾਂਕਿ ਗਰਮਖਿਆਲੀ ਸਮਰਥਕ ਸਿੱਖ ਆਗੂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ, ਪਰ ਮੀਡੀਆ ਰਿਪੋਰਟਾਂ ਵਿਚ ਉਸ ਦੀ ਪਛਾਣ ਭਾਰਤ ਵਿਚ ਪਾਬੰਦੀਸ਼ੁਦਾ ਜਥੇਬੰਦੀ 'ਸਿੱਖਸ ਫਾਰ ਜਸਟਿਸ' ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਜੋਂ ਹੋਈ ਹੈ। ਭਾਰਤ ਨੇ ਅਮਰੀਕੀ ਵਕੀਲਾਂ ਦੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਜਾਂਚ ਕਮੇਟੀ ਬਣਾਈ ਹੈ। 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਰਾਜ ਸਭਾ ਵਿਚ ਕਿਹਾ ਸੀ ਕਿ ਕੈਨੇਡਾ ਨੇ ਭਾਰਤ ਨਾਲ ਕੋਈ ਖ਼ਾਸ ਸਬੂਤ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਸਤੰਬਰ ਵਿਚ ਟਰੂਡੋ ਦੇ ਦੋਸ਼ਾਂ ਤੋਂ ਕੁਝ ਦਿਨ ਬਾਅਦ, ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਸੀ ਅਤੇ ਓਟਾਵਾ ਨੂੰ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਦੇਸ਼ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕਿਹਾ ਸੀ। ਵੀਜ਼ਾ ਸੇਵਾਵਾਂ ਮੁਅੱਤਲ ਕੀਤੇ ਜਾਣ ਦੇ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਭਾਰਤ ਨੇ ਪਿਛਲੇ ਮਹੀਨੇ ਕੈਨੇਡਾ ਵਿਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਸਨ।  

(For more news apart from Hardeep Singh Nijjar, stay tuned to Rozana Spokesman)