‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਮੁੱਖ ਮੰਤਰੀ ਭਗਵੰਤ ਮਾਨ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡਣਗੇ

Closing ceremony of 'Khedan Watan Punjab Deyan-2022' at Ludhiana on ‘Punjab Day’

 

ਚੰਡੀਗੜ੍ਹ: ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਵੱਡੇ ਪੱਧਰ ਉਤੇ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਗਦ ਇਨਾਮ ਵੰਡਣਗੇ।

ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਵਿਭਾਗ ਦੀ ਮੀਟਿੰਗ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਵੇਗਾ। ਮੁੱਖ ਮੰਤਰੀ ਨੇ ਖੇਡ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਰਾਜ ਪੱਧਰੀ ਮੁਕਾਬਲਿਆਂ ਅਤੇ ਸਮਾਪਤੀ ਸਮਾਰੋਹ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਇਸ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਲਈ ਜਲਦ ਸਮਾਗਮ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸੂਬੇ ਦੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਦੀ ਖੇਡਾਂ ਵਿੱਚ ਅਮੀਰ ਪ੍ਰੰਪਰਾ ਰਹੀ ਹੈ ਅਤੇ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਬਲਾਕ ਤੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦੀ ਸਫਲਤਾ ਤੋਂ ਬਾਅਦ ਹੁਣ 14 ਤੋਂ 28 ਅਕਤੂਬਰ ਤੱਕ ਵੱਖ-ਵੱਖ 9 ਥਾਵਾਂ ਉਤੇ 29 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਰਾਜ ਪੱਧਰੀ ਮੁਕਾਬਲੇ ਦੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।