ਪੰਚਕੁਲਾ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣਾ ਸੰਨਿਆਸ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੇ 2028 ’ਚ ਲਾਸ ਏਂਜਲਸ ਉਲੰਪਿਕ 2028 ’ਚ ਖੇਡਣ ਦੀ ਇੱਛਾ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ ਨੂੰ ਪੈਰਿਸ ਉਲੰਪਿਕ ਦੌਰਾਨ 100 ਗ੍ਰਾਮ ਵਜਨ ਵਧਣ ਮਗਰੋਂ ਡਿਸਕੁਆਲੀਫਾਈ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਕੁਸ਼ਤੀ ਖੇਡਣ ਤੋਂ ਸੰਨਿਆਸ ਲੈ ਲਿਆ ਸੀ।
ਪੈਰਿਸ ਉਲੰਪਿਕ ’ਚ ਘੱਟੋ-ਘੱਟ ਫੋਗਾਟ ਦਾ ਸਿਲਵਰ ਮੈਡਲ ਪੱਕਾ ਹੋ ਗਿਆ ਸੀ ਕਿਉਂਕ ਉਨ੍ਹਾਂ ਦੁਨੀਆ ਦੀ ਨੰਬਰ ਵਨ ਪਹਿਲਵਾਨ ਨੂੰ ਵੀ ਹਰਾਇਆ ਸੀ। ਜਦਕਿ ਫਾਈਨਲ ਤੋਂ ਪਹਿਲਾਂ ਉਨ੍ਹਾਂ ਦਾ ਭਾਰ ਤੈਅ ਵਜ਼ਨ ਤੋਂ ਵੱਧ ਹੋਣ ਕਾਰਨ ਉਨ੍ਹਾਂ ਨੂੰ ਡਿਸਕੁਆਲੀਫਾਈ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਮੈਡਲ ਜਿੱਤਣ ਦਾ ਸੁਪਨਾ ਟੁੱਟ ਗਿਆ ਸੀ। ਇਸ ਘਟਨਾ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਅਤੇ ਵਿਨੇਸ਼ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਕਰ ਲਿਆ।
ਕੁਸ਼ਤੀ ਤੋਂ ਸੰਨਿਆਸ ਲੈਣ ਤੋਂ ਬਾਅਦ, ਵਿਨੇਸ਼ ਨੇ ਰਾਜਨੀਤੀ 'ਚ ਕਦਮ ਰੱਖਿਆ ਅਤੇ ਕਾਂਗਰਸ 'ਚ ਸ਼ਾਮਲ ਹੋ ਗਈ। ਉਨ੍ਹਾਂ ਨੇ ਹਰਿਆਣਾ ਦੇ ਜੁਲਾਨਾ ਤੋਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੇ ਯੋਗੇਸ਼ ਕੁਮਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਵਿਨੇਸ਼ ਫੋਗਾਟ ਨੇ ਆਪਣਾ ਸੰਨਿਆਸ ਵਾਪਸ ਲੈਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ।