ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾਪੂਰਵਕ ਪੂਰਾ ਕੀਤਾ ਪਲੇਠੇ ਵਰ੍ਹੇ ਦਾ ਸਫ਼ਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਕੋਰਸਾਂ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ: ਜੇ.ਐਸ. ਚੀਮਾ

Vice Chancellor Lieutenant General (Retd.) J.S. Cheema

ਚੰਡੀਗੜ੍ਹ: ਪੰਜਾਬ ਵਿੱਚ ਖੇਡ ਵਿਗਿਆਨ, ਖੇਡ ਤਕਨਾਲੌਜੀ, ਖੇਡ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ 'ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਆਪਣੇ ਪਲੇਠੇ ਵਰ੍ਹੇ ਦਾ ਪੰਧ ਪੜਾਅਵਾਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਇਆ ਹੈ।

ਇਸ ਅਹਿਮ ਖੇਡ ਯੂਨੀਵਰਸਿਟੀ ਨੇ ਆਪਣੇ ਲਮੇਰੇ ਪੰਧ ਵੱਲ ਪਹਿਲਾ ਕਦਮ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਆਪਣਾ ਪਹਿਲਾ ਅਕਾਦਮਿਕ ਸੈਸ਼ਨ 1 ਸਤੰਬਰ, 2019 ਤੋਂ ਸ਼ੁਰੂ ਕਰਕੇ ਪੁੱਟਿਆ ਸੀ ਅਤੇ ਹੁਣ ਇਸ ਨਾਲ ਰਾਜ ਦੇ ਕਈ ਕਾਲਜ ਜੁੜ ਚੁੱਕੇ ਹਨ। ਇਸ ਵਕਾਰੀ ਖੇਡ ਯੂਨੀਵਰਸਿਟੀ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ. ਐਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ।

ਚੀਮਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੋ ਹੋਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਅਤੇ ਸਰਕਾਰੀ ਕਾਲਜ ਕਾਲਾ ਅਫ਼ਗ਼ਾਨਾ, ਗੁਰਦਾਸਪੁਰ ਨੂੰ ਇਸ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਸੁਰਭੀ ਮਲਿਕ ਵੀ ਮੌਜੂਦ ਸਨ।

ਉਪ ਕੁਲਪਤੀ ਨੇ ਦੱਸਿਆ ਕਿ ਖੇਡ ਯੂਨੀਵਰਸਿਟੀ ਦੇ ਸਿੱਧੂਵਾਲ ਵਿਖੇ ਬਣਾਏ ਜਾ ਰਹੇ ਨਵੇਂ ਕੈਂਪਸ ਦੀ ਉਸਾਰੀ ਲਈ ਇਮਾਰਤ ਦਾ ਖਾਕਾ ਆਪਣੇ ਅੰਤਿਮ ਪੜਾਅ 'ਤੇ ਹੈ ਅਤੇ ਅਕਤਬੂਰ ਮਹੀਨੇ ਦੇ ਅਖ਼ੀਰ 'ਚ ਇਸ ਦਾ ਨੀਂਹ ਪੱਥਰ ਰੱਖੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਅਤੇ ਲਾਕਡਾਊਨ ਦੇ ਬਾਵਜੂਦ ਇਸ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ. ਦੀਆਂ 50 ਸੀਟਾਂ ਲਈ 140 ਅਰਜ਼ੀਆਂ ਪੁੱਜੀਆਂ ਹਨ। ਇਸ ਲਈ ਪਹਿਲੇ 50 ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਵੀ ਕਰ ਦਿੱਤੀ ਗਈ ਹੈ।

ਜੇ.ਐਸ. ਚੀਮਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੋਸਟ ਗਰੈਜੂਏਸ਼ਨ ਇਨ ਯੋਗਾ ਅਤੇ ਐਮ.ਐਸ.ਸੀ. ਯੋਗਾ ਦੇ ਕੋਰਸਾਂ ਦੀ ਰਜਿਸਟ੍ਰੇਸ਼ਨ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਕਸਦ ਨਾਲ ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦਾ ਕੰਮ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ 15 ਅਗਸਤ ਨੂੰ ਸ਼ੁਰੂ ਕਰਵਾਇਆ ਗਿਆ ਸੀ।

ਰਜਿਸਟਰਾਰ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਯੂਨੀਵਰਸਿਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਪਨੇ ਨੂੰ ਪੂਰਾ ਕਰਨ 'ਚ ਆਪਣੀ ਅਹਿਮ ਭੂਮਿਕਾ ਨਿਭਾਏਗੀ।