ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

50 ਲੱਖ ਰੁਪਏ ਦੀ ਰਿਸ਼ਵਤ ਦਿੰਦਿਆਂ ਰੰਗੇ ਹੱਥੀਂ ਕੀਤਾ ਗਿਆ ਕਾਬੂ

Former cabinet minister and BJP leader Sunder Sham Arora arrested

ਵਿਜੀਲੈਂਸ ਵਲੋਂ ਅੱਜ ਮੁਹਾਲੀ ਕੋਰਟ ‘ਚ ਕੀਤਾ ਜਾਵੇਗਾ ਪੇਸ਼ 
ਮੁਹਾਲੀ :
ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ ਤੋਂ ਹੋਈ ਦੱਸੀ ਜਾ ਰਹੀ ਹੈ।

ਇਸ ਬਾਰੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦਿਆਂ ਜ਼ੀਰਕਪੁਰ ਦੇ ਕੋਸਮੋ ਮਾਲ ਤੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਏ.ਆਈ.ਜੀ. ਮਨਮੋਹਨ ਕੁਮਾਰ ਸ਼ਰਮਾ ਨੂੰ 50 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਹੈ ਜਿਸ ਤਹਿਤ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਦੇ ਕਾਰਜਕਾਲ ਦੌਰਾਨ ਹੋਈਆਂ ਬੇਨਿਯਮੀਆਂ ਦੀ ਜਾਂਚ ਚੱਲ ਰਹੀ ਹੈ ਜਿਸ ਤੋਂ ਬਚਣ ਲਈ ਉਨ੍ਹਾਂ ਨੇ 14 ਅਕਤੂਬਰ ਨੂੰ ਵਿਜੀਲੈਂਸ ਅਧਿਕਾਰੀ ਨਾਲ ਰਾਬਤਾ ਕੀਤਾ ਅਤੇ 1 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ 'ਤੇ ਏ.ਆਈ.ਜੀ ਮਨਮੋਹਨ ਕੁਮਾਰ ਸ਼ਰਮਾ ਦੀ ਲਿਖਤੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਬਕਾ ਮੰਤਰੀ ਅਰੋੜਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।