ਅਕਾਲੀ ਦਲ ਟਕਸਾਲੀ ਇਕੱਲਿਆਂ ਲੜੇਗਾ ਲੋਕ ਸਭਾ ਚੋਣਾਂ, ਆਪ ਨਾਲ ਗਠਜੋੜ ਤੋੜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਕਿਹਾ, ਬੀਰ ਦਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਹੋਣਗੇ

Sewa Singh Sekhwan

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗਾ। ਇਹ ਐਲਾਨ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਕੀਤਾ।

ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਧਿਰ ਨਾਲ ਗਠਜੋੜ ਹੋਵੇਗਾ ਜਾਂ ਨਾ ਹੋਵੇ ਪਰ ਬੀਰ ਦਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਹੋਣਗੇ। ਇਸ ਦੇ ਨਾਲ ਹੀ ਸਾਫ਼ ਹੋ ਗਿਆ ਹੈ ਕਿ ਹੁਣ ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਟੁੱਟ ਗਿਆ ਹੈ।

ਸੇਖਵਾਂ ਨੇ ਕਿਹਾ ਕਿ ਉਹ ਆਪਣੇ ਹੀ ਦਮ ’ਤੇ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਚੋਣਾਂ 'ਚ ਡੇਰਿਆਂ ਦਾ ਸਮਰਥਨ ਨਹੀਂ ਲਵੇਗਾ। ਇਸ ਮੌਕੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਸੰਧੂ ਨੂੰ ਪਾਰਟੀ 'ਚ ਸ਼ਾਮਲ ਕੀਤਾ ਗਿਆ।

ਅਕਾਲੀ ਦਲ ਬਾਦਲ ਨੂੰ ਲਗਾਏ ਰਗੜੇ : ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਡੇਰਿਆਂ ਦਾ ਸਹਾਰਾ ਲੈ ਕੇ ਸਿਆਸਤ ਕਰ ਰਿਹਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਨਾਲਾਇਕ ਪੁੱਤਰ ਦੱਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਵਜ੍ਹਾ ਕਰ ਕੇ ਹੀ ਅਕਾਲੀ ਦਲ ਤੀਜੇ ਨੰਬਰ ’ਤੇ ਆ ਗਿਆ ਹੈ। ਅਕਾਲੀ ਦਲ (ਬਾਦਲ) ਵੱਲੋਂ ਬੀਬੀ ਜਗੀਰ ਕੌਰ ਨੂੰ ਟਿਕਟ ਦਿੱਤੇ ਜਾਣ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਇੱਕ ਡੇਰੇ ਦੀ ਮੁਖੀ ਤੇ ਆਪਣੀ ਧੀ ਦੀ ਕਾਤਲ ਨੂੰ ਟਿਕਟ ਦੇਣਾ ਅਕਾਲੀ ਦਲ ਬਾਦਲ ਲਈ ਸ਼ਰਮ ਵਾਲੀ ਗੱਲ ਹੈ।