ਪਹਿਲਵਾਨ ਸੁਸ਼ੀਲ ਕੁਮਾਰ ਨੂੰ ਝਟਕਾ, ਉੱਤਰੀ ਰੇਲਵੇ ਨੇ ਨੌਕਰੀ ਤੋਂ ਕੀਤਾ ਮੁਅੱਤਲ

ਏਜੰਸੀ

ਖ਼ਬਰਾਂ, ਖੇਡਾਂ

ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।

Sushil Kumar Suspended by Northern Railway

ਨਵੀਂ ਦਿੱਲੀ: ਸਾਗਰ ਹੱਤਿਆਕਾਂਡ ਮਾਮਲੇ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਉੱਤਰੀ ਰੇਲਵੇ ਨੇ ਸੁਸ਼ੀਲ ਕੁਮਾਰ ਖ਼ਿਲਾਫ ਚੱਲ ਰਹੀ ਅਪਰਾਧਿਕ ਮਾਮਲੇ ਦੀ ਜਾਂਚ ਨੂੰ ਮੁੱਖ ਰੱਖਦੇ ਹੋਏ ਸੁਸ਼ੀਲ ਕੁਮਾਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਨਿਊਜ਼ ਏਜੰਸ ਮੁਤਾਬਕ ਉੱਤਰ ਰੇਲਵੇ ਦੇ ਬੁਲਾਰੇ ਨੇ ਕਿਹਾ ਸੀ ਕਿ ਹੱਤਿਆ ਦੇ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਸਸਪੈਂਡ ਕੀਤਾ ਜਾਵੇਗਾ। ਓਲੰਪਿਕ ਅਵਾਰਡ ਜੇਤੂ ਸੁਸ਼ੀਲ ਕੁਮਾਰ ਉੱਤਰੀ ਰੇਲਵੇ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਹਨ। ਉਹ ਸਾਲ 2015 ਤੋਂ ਡੈਪੂਟੇਸ਼ਨ 'ਤੇ ਦਿੱਲੀ ਸਰਕਾਰ ਵਿਚ ਹਨ, ਜਿੱਥੇ ਉਸ ਨੂੰ ਸਕੂਲੀ ਪੱਧਰੀ ਤੇ ਖੇਡਾਂ ਦੇ ਵਿਕਾਸ ਲਈ ਛਤਰਸਾਲ ਸਟੇਡੀਅਮ ਵਿਚ ਵਿਸ਼ੇਸ਼ ਅਧਿਕਾਰੀ (ਓਐਸਡੀ) ਵਜੋਂ ਤਾਇਨਾਤ ਕੀਤਾ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਦੀ ਡੈਪੂਟੇਸ਼ਨ ਦੀ ਮਿਆਦ 2020 ਵਿਚ ਵਧਾ ਦਿੱਤੀ ਗਈ ਸੀ ਅਤੇ ਉਹਨਾਂ ਨੇ 2021 ਵਿਚ ਸੇਵਾ ਵਿਸਥਾਰ ਲਈ ਅਰਜ਼ੀ ਵੀ ਦਿੱਤੀ ਸੀ ਪਰ ਦਿੱਲੀ ਸਰਕਾਰ ਨੇ ਉਸ ਦੀ ਬੇਨਤੀ ਨੂੰ ਠੁਕਰਾ ਦਿੱਤਾ ਅਤੇ ਸੁਸ਼ੀਲ ਕੁਮਾਰ ਨੂੰ ਉਸ ਦੇ ਅਸਲ ਕੇਡਰ ਉੱਤਰੀ ਰੇਲਵੇ ਭੇਜ ਦਿੱਤਾ।

ਦੱਸ ਦਈਏ ਕਿ ਸੁਸ਼ੀਲ ਕੁਮਾਰ ’ਤੇ ਯੁਵਾ ਪਹਿਲਵਾਨ ਸਾਗਰ ਧਨਖੜ ਦੇ ਕਤਲ ਕਾਂਡ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਮਾਡਲ ਟਾਊਨ ਥਾਣਾ ਖੇਤਰ ’ਚ ਛਤਰਸਾਲ ਸਟੇਡੀਅਮ ’ਚ ਫ਼ਲੈਟ ਖ਼ਾਲੀ ਕਰਾਉਣ ਨੂੰ ਲੈ ਕੇ ਪਹਿਲਵਾਨਾਂ ਦੇ ਦੋ ਗੁੱਟ ਆਪਸ ’ਚ ਭਿੜ ਗਏ ਸਨ, ਜਿਸ ’ਚ ਪੰਜ ਪਹਿਲਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਗੰਭੀਰ ਤੌਰ ’ਤੇ ਜ਼ਖਮੀ ਯੁਵਾ ਪਹਿਲਵਾਨ ਸਾਗਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।